ਕੇਂਦਰੀ ਮੰਤਰੀ ਰਵਨੀਤ ਬਿੱਟੂ ਐੱਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਲਿਖਤੀ ਮੁਆਫ਼ੀ ਤੋਂ ਬਾਅਦ 4 ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਦੇ ਹੁਕਮ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਪੁਲਿਸ ਮੁਲਾਜ਼ਮਾਂ ਵਿਰੁੱਧ ਕਥਿਤ ਤੌਰ ‘ਤੇ ਇਤਰਾਜ਼ਯੋਗ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਘਿਰੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਐੱਸ.ਸੀ. ਕਮਿਸ਼ਨ) ਦੇ ਸਾਹਮਣੇ ਪੇਸ਼ ਹੋਏ। ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਸਨਮੁਖ ਪੇਸ਼ ਹੋ ਕੇ ਕੇਂਦਰੀ ਮੰਤਰੀ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਲਿਖਤੀ ਰੂਪ ਵਿੱਚ ਮੁਆਫ਼ੀ ਮੰਗ ਲਈ ਹੈ। ਕਮਿਸ਼ਨ ਨੇ ਉਨ੍ਹਾਂ ਦੀ ਮੁਆਫ਼ੀ ਅਰਜ਼ੀ ਨੂੰ ਸਵੀਕਾਰ ਕਰਦਿਆਂ ਸਮਾਜਿਕ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ 4 ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਜਾ ਕੇ ਓਟ ਓਟਣ (ਨਤਮਸਤਕ ਹੋਣ) ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਮਿਸ਼ਨ ਦੇ ਸਾਹਮਣੇ ਮੰਨਿਆ ਕਿ ਉਨ੍ਹਾਂ ਵੱਲੋਂ ਵਰਤੇ ਗਏ ਸ਼ਬਦ 100% ਕਾਨੂੰਨੀ ਤੌਰ ‘ਤੇ ਗਲਤ ਸਨ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਪਹਿਲਾਂ ਵੀ ਜਨਤਕ ਤੌਰ ‘ਤੇ ਅਫ਼ਸੋਸ ਪ੍ਰਗਟਾ ਚੁੱਕੇ ਹਨ ਅਤੇ ਵਿਵਾਦਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਪੂਰੀ ਤਰ੍ਹਾਂ ਹਟਾ ਚੁੱਕੇ ਹਨ। ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਬਿੱਟੂ ਦੀ ਲਿਖਤੀ ਮੁਆਫ਼ੀ ਨੂੰ ਰਿਕਾਰਡ ‘ਤੇ ਲੈਂਦਿਆਂ ਹੁਕਮ ਦਿੱਤਾ ਕਿ ਉਹ ਭਾਈਚਾਰਕ ਸਾਂਝ ਅਤੇ ਸਤਿਕਾਰ ਵਜੋਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਅਸਥਾਨ ਸ੍ਰੀ ਰਾਮਤੀਰਥ (ਅੰਮ੍ਰਿਤਸਰ), ਫਿਲੌਰ ਵਿਖੇ ਸਥਿਤ ਡੇਰਾ ਬ੍ਰਹਮਦਾਸ ਅਤੇ ਜਲੰਧਰ ਦੇ ਸ੍ਰੀ ਡੇਰਾ ਬੱਲਾਂ ਵਿਖੇ ਜਾ ਕੇ ਮੱਥਾ ਟੇਕਣ ਅਤੇ ਆਸ਼ੀਰਵਾਦ ਲੈਣ।
ਜ਼ਿਕਰਯੋਗ ਹੈ ਕਿ ਇਹ ਪੂਰਾ ਵਿਵਾਦ 26 ਮਈ 2026 ਨੂੰ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਧੂਰੀ (ਸੰਗਰੂਰ) ਵਿਖੇ ਵਾਪਰੀ ਇੱਕ ਘਟਨਾ ਨਾਲ ਸਬੰਧਿਤ ਹੈ। ਉਸ ਦਿਨ ਪੁਲਿਸ ਨੇ ਸਾਈਲੈਂਟ ਪੀਰੀਅਡ ਦੌਰਾਨ ਪ੍ਰਚਾਰ ਕਰਨ ਦੇ ਦੋਸ਼ ਹੇਠ ਭਾਜਪਾ ਆਗੂ ਓਂਕਾਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਸੀ। ਜਦੋਂ ਰਵਨੀਤ ਬਿੱਟੂ ਓਂਕਾਰ ਸਿੰਘ ਨੂੰ ਛੁਡਵਾਉਣ ਲਈ ਧੂਰੀ ਪਹੁੰਚੇ ਤਾਂ ਉੱਥੇ ਤਾਇਨਾਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੀ ਤਿੱਖੀ ਬਹਿਸ ਹੋ ਗਈ, ਜਿਸ ਦੌਰਾਨ ਉਨ੍ਹਾਂ ‘ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਲੱਗੇ ਸਨ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸ.ਸੀ. ਕਮਿਸ਼ਨ ਨੇ ਖ਼ੁਦ (ਸੂ ਮੋਟੋ) ਨੋਟਿਸ ਲੈਂਦਿਆਂ ਕੇਂਦਰੀ ਮੰਤਰੀ ਨੂੰ ਸੰਮਨ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਬਿੱਟੂ ਦਿੱਲੀ ਵਿਖੇ ਸਰਕਾਰੀ ਰੁਝੇਵਿਆਂ ਕਾਰਨ 2 ਵਾਰ (4 ਜੂਨ ਅਤੇ 15 ਜੂਨ ਨੂੰ) ਪੇਸ਼ੀ ਤੋਂ ਗੈਰ-ਹਾਜ਼ਰ ਰਹੇ ਸਨ, ਜਿਸ ਤੋਂ ਬਾਅਦ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਨੂੰ 24 ਜੂਨ ਨੂੰ ਲਾਜ਼ਮੀ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

Read News Paper

Related articles

spot_img

Recent articles

spot_img