ਕੱਛ/ਪੰਜਾਬ ਪੋਸਟ :
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਗੁਜਰਾਤ ਦੇ ਕੱਛ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਵਿਖੇ ਨਤਮਸਤਕ ਹੋਣ ਦੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਦਿਲਜੀਤ ਨੂੰ ਪੰਜਾਬੀ ਅਤੇ ਖ਼ਾਸ ਕਰਕੇ ਸਿੱਖ ਪਛਾਣ ਦਾ ਮਾਣਮੱਤਾ ਵਿਸ਼ਵ ਪੱਧਰੀ ਦੂਤ ਕਰਾਰ ਦਿੱਤਾ। ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਅਸਥਾਨ ’ਤੇ ਦਿਲਜੀਤ ਦੀ ਹਾਜ਼ਰੀ ਨਾਲ ਦੁਨੀਆ ਭਰ ਦੇ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਸਬੰਧ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਹੈ ਅਤੇ ਇਸ ਦੀ ਇਮਾਰਤ ਦੀ ਸੰਭਾਲ ਨੂੰ 2004 ਵਿੱਚ ਯੂਨੈਸਕੋ ਵੱਲੋਂ ਸਨਮਾਨਿਤ ਕੀਤਾ ਗਿਆ ਸੀ।







