ਨਵੀਂ ਦਿੱਲੀ/ਪੰਜਾਬ ਪੋਸਟ
ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਯਾਨੀ ਕਿ ਸੀ.ਜੇ.ਪੀ. ਵੱਲੋਂ ਨੀਟ ਪੇਪਰ ਲੀਕ ਮਾਮਲੇ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਹੁਣ ਬਹੁਤ ਭਖ਼ ਚੁੱਕਾ ਹੈ। ਬੀਤੇ ਦਿਨੀਂ ਸੰਸਦ ਮਾਰਚ ਦੌਰਾਨ ਹੋਈ ਹਿੰਸਾ, ਲਾਠੀਚਾਰਜ ਅਤੇ ਪੁਲਿਸ ਵੱਲੋਂ ਅੰਦੋਲਨਕਾਰੀਆਂ ਦੇ ਟੈਂਟ ਪੁੱਟਣ ਤੋਂ ਬਾਅਦ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਮੁੜ ਤੋਂ ਜੰਤਰ-ਮੰਤਰ ਦੀ ਜ਼ਮੀਨ ’ਤੇ ਕਬਜ਼ਾ ਕਰਕੇ ਮੋਰਚਾ ਸੰਭਾਲ ਲਿਆ ਗਿਆ ਹੈ, ਜਦਕਿ ਸੁਰੱਖਿਆ ਨੂੰ ਦੇਖਦੇ ਹੋਏ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਤਾਜ਼ਾ ਘਟਨਾਕ੍ਰਮ ਵਿੱਚ, ਬੀਤੀ ਸ਼ਾਮ ਕਨਾਟ ਪਲੇਸ ਅਤੇ ਸੰਸਦ ਮਾਰਗ ਦੇ ਨੇੜੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਫਿਰ ਤੋਂ ਝੜਪਾਂ ਹੋਈਆਂ ਜਿੱਥੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪੱਥਰਬਾਜ਼ੀ ਦੌਰਾਨ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਇਸ ਹਿੰਸਕ ਝੜਪ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀਆਂ ਨੇ ਆਪਸ ਵਿੱਚ ਅਪੀਲ ਕਰਕੇ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਵੀ ਕੀਤੀ। ਦੂਜੇ ਪਾਸੇ, ਸੋਮਵਾਰ ਨੂੰ ਹੋਏ ਲਾਠੀਚਾਰਜ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਇੱਕ ਇਕੀ ਸਾਲਾ ਨੌਜਵਾਨ ਲੜਕੀ ਸਾਖ਼ਸ਼ੀ ਦੀ ਹਾਲਤ ਵਿੱਚ ਹੁਣ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਉਸਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਹੈ।
ਰਾਜਨੀਤਿਕ ਪੱਧਰ ’ਤੇ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਜਿੱਥੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਇਸ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਗਿਆ ਹੈ, ਉੱਥੇ ਹੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ’ਤੇ ਇਸ ਮਾਮਲੇ ਨੂੰ ਲੈ ਕੇ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ, ਭੁੱਖ ਹੜਤਾਲ ’ਤੇ ਬੈਠੇ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਵੀ ਆਪਣੀ ਮੰਗ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸੀ.ਜੇ.ਪੀ. ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਿੱਖਿਆ ਮੰਤਰੀ ਦਾ ਅਸਤੀਫ਼ਾ, ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪ੍ਰਦਰਸ਼ਨਕਾਰੀਆਂ ’ਤੇ ਦਰਜ ਕੇਸ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਪੂਰੀ ਤਰ੍ਹਾਂ ਜਾਰੀ ਰਹੇਗਾ।
ਨਵੀਂ ਦਿੱਲੀ ਵਿੱਚ ਸੀ.ਜੇ.ਪੀ. ਪ੍ਰਦਰਸ਼ਨ ਦੌਰਾਨ ਤਣਾਅ ਸਿਖ਼ਰ ’ਤੇ, ਪੁਲਿਸ ਨਾਲ ਝੜਪਾਂ ਤੋਂ ਬਾਅਦ ਜੰਤਰ-ਮੰਤਰ ਵਿਖੇ ਹਾਲਾਤ ਗੰਭੀਰ

Published:






