ਨਵੀਂ ਦਿੱਲੀ/ਪੰਜਾਬ ਪੋਸਟ : ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਆਰਐੱਸਐੱਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਰਐੱਸਐੱਸ ਦੇ ਸੰਯੁਕਤ ਜਨਰਲ ਸਕੱਤਰ ਅਰੁਣ ਕੁਮਾਰ ਨੇ ਚੰਡੀਗੜ੍ਹ ਵਿੱਚ ਹੋਈ ਰਣਨੀਤਕ ਬੈਠਕ ਦੌਰਾਨ ਕਿਹਾ ਕਿ ਪੰਜਾਬ ਜਿੱਤਣਾ ਭਾਜਪਾ ਦੇ ਨਾਲ-ਨਾਲ ਦੇਸ਼ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਬੂਥ ਪੱਧਰ ’ਤੇ ਮਜ਼ਬੂਤੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਬੈਠਕ ਵਿੱਚ 2022 ਦੀਆਂ ਚੋਣਾਂ ਦੌਰਾਨ ਭਾਜਪਾ ਵੱਲੋਂ ਜਿੱਤੇ 6,000 ਬੂਥਾਂ ਅਤੇ 100 ਤੋਂ ਘੱਟ ਵੋਟਾਂ ਦੇ ਫ਼ਰਕ ਨਾਲ ਹਾਰੇ 5,900 ਬੂਥਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਯੋਜਨਾ ਬਣਾਈ ਗਈ। ਉੱਧਰ, ਸੂਤਰਾਂ ਮੁਤਾਬਕ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਮੁਕੰਮਲ ਹੋ ਚੁੱਕੀ ਹੈ ਅਤੇ ਗੱਠਜੋੜ ਦਾ ਰਸਮੀ ਐਲਾਨ ਜਲਦ ਹੋ ਸਕਦਾ ਹੈ। ਭਾਜਪਾ ਦੀ ਪੰਜਾਬ ਚੋਣ ਰਣਨੀਤੀ ਨਾਲ ਜੁੜੇ ਸੀ.ਆਰ. ਪਾਟਿਲ ਦੇ 17 ਨਵੰਬਰ ਨੂੰ ਪੰਜਾਬ ਆਉਣ ਦੀ ਸੰਭਾਵਨਾ ਹੈ।







