ਅੰਮ੍ਰਿਤਸਰ/ਪੰਜਾਬ ਪੋਸਟ
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਏ.ਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਾਮਿਲਨਾਡੂ ਕੇਡਰ ਦੇ 1987 ਬੈਚ ਦੇ ਸਾਬਕਾ ਆਈ.ਏ.ਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਆਪਣੀ ਸਰਕਾਰੀ ਨੌਕਰੀ ਤੋਂ ਸਵੈ-ਇੱਛੁਕ ਸੇਵਾਮੁਕਤੀ (ਵੀ.ਆਰ.ਐਸ) ਲੈ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਆਪਣੇ ਅਸਤੀਫ਼ੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਗਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਨੂੰ ਭੇਜ ਦਿੱਤਾ ਹੈ। ਪਾਰਟੀ ਛੱਡਣ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਵਿਸ਼ੇਸ਼ ਤੌਰ ‘ਤੇ ਦਲਿਤ ਸਮਾਜ ਦੇ ਹਿੱਤਾਂ ਲਈ ਨਿਰਪੱਖ ਹੋ ਕੇ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਪਾਰਟੀ ਅੰਦਰ ਰਹਿ ਕੇ ਉਹ ਪੰਜਾਬ ਦੇ ਲੋਕਾਂ ਅਤੇ ਦਲਿਤ ਭਾਈਚਾਰੇ ਦੇ ਮੁੱਦਿਆਂ ਨੂੰ ਉਸ ਸ਼ਿੱਦਤ ਨਾਲ ਨਹੀਂ ਉਠਾ ਪਾ ਰਹੇ ਸਨ, ਜਿਸ ਦੀ ਅੱਜ ਲੋੜ ਹੈ।
ਜ਼ਿਕਰਯੋਗ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੇ ਜਗਮੋਹਨ ਸਿੰਘ ਰਾਜੂ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਮੈਦਾਨ ਵਿੱਚ ਉਤਾਰਿਆ ਸੀ। ਇਹ ਉਹੀ ਹਲਕਾ ਸੀ ਜਿੱਥੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਦਿੱਗਜ ਆਗੂ ਚੋਣ ਲੜ ਰਹੇ ਸਨ। ਭਾਵੇਂ ਰਾਜੂ ਇਹ ਚੋਣ ਜਿੱਤਣ ਵਿੱਚ ਅਸਫਲ ਰਹੇ ਸਨ, ਪਰ ਪ੍ਰਸ਼ਾਸਨਿਕ ਤਜਰਬਾ ਹੋਣ ਕਾਰਨ ਭਾਜਪਾ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹੋਈਆਂ ਸਨ।
ਭਾਜਪਾ ਨੂੰ ਵੱਡਾ ਝਟਕਾ: ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫ਼ਾ

Published:






