ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਤੋਂ ਫਿਲਹਾਲ ਕੋਈ ਤੁਰੰਤ ਕਾਨੂੰਨੀ ਰਾਹਤ ਨਹੀਂ ਮਿਲੀ ਹੈ। ਮਜੀਠਾ ਥਾਣੇ ਵਿੱਚ ਦਰਜ ਹੋਈ ਐਫ.ਆਈ.ਆਰ ਨੰਬਰ 91 ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੇਰੀ ਸੁਣਵਾਈ ਹੁਣ ਭਲਕੇ ਯਾਨੀ 11 ਜੂਨ ਤੱਕ ਲਈ ਮੁਲਤਵੀ ਕਰ ਦਿੱਤੀ ਹੈ, ਜਿਸ ਕਾਰਨ ਮਜੀਠੀਆ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਗਾਤਾਰ ਲਟਕ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੀ 31 ਮਈ ਨੂੰ ਮਜੀਠਾ ਥਾਣੇ ਵਿੱਚ ਹੰਗਾਮਾ ਕਰਨ, ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹਿਰਾਸਤ ਵਿੱਚ ਲਏ ਗਏ ਇੱਕ ਅਕਾਲੀ ਵਰਕਰ (ਜੋਬਨਪ੍ਰੀਤ ਸਿੰਘ) ਨੂੰ ਜਬਰਨ ਛੁਡਾਉਣ ਦੇ ਦੋਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ 50-60 ਸਮਰਥਕਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਦੀਆਂ ਗੰਭੀਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਤੋਂ ਬਾਅਦ ਪੁਲਿਸ ਨੇ ਮਜੀਠੀਆ ਦੇ ਦੇਸ਼ ਛੱਡ ਕੇ ਭੱਜਣ ‘ਤੇ ਰੋਕ ਲਗਾਉਣ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ ਕਈ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਇਸੇ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਦਾਲਤ ਵਿੱਚ ਪੇਸ਼ ਹੋਈ ਪੁਲਿਸ ਦੀ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ਬਿਆਨਾਂ ਦੇ ਆਧਾਰ ‘ਤੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਇਸ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਨਿਰਦੋਸ਼ ਐਲਾਨਿਆ ਹੈ। ਪੁਲਿਸ ਰਿਪੋਰਟ ਮੁਤਾਬਕ ਵਕੀਲ ਬਾਠ ਸਿਰਫ਼ ਕਾਨੂੰਨੀ ਸਲਾਹਕਾਰ ਵਜੋਂ ਥਾਣੇ ਗਏ ਸਨ, ਜਿਸ ਕਾਰਨ ਉਨ੍ਹਾਂ ਦਾ ਨਾਮ ਇਸ ਮਾਮਲੇ ਵਿੱਚੋਂ ਹਟਾ ਦਿੱਤਾ ਗਿਆ ਹੈ। ਪਰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਅੱਜ ਕੋਈ ਅੰਤਰਿਮ ਰਾਹਤ ਜਾਂ ਗ੍ਰਿਫ਼ਤਾਰੀ ‘ਤੇ ਸਟੇਅ ਨਹੀਂ ਦਿੱਤਾ, ਜਿਸ ਕਾਰਨ ਹੁਣ ਸਭ ਦੀਆਂ ਨਜ਼ਰਾਂ 11 ਜੂਨ ਨੂੰ ਹੋਣ ਵਾਲੀ ਬਹਿਸ ‘ਤੇ ਟਿਕੀਆਂ ਹੋਈਆਂ ਹਨ।
ਮਜੀਠਾ ਥਾਣਾ ਹੰਗਾਮਾ ਮਾਮਲਾ: ਬਿਕਰਮ ਮਜੀਠੀਆ ਨੂੰ ਅਦਾਲਤ ਵੱਲੋਂ ਫਿਲਹਾਲ ਕੋਈ ਰਾਹਤ ਨਹੀਂ, ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੁਣ 11 ਜੂਨ ਨੂੰ ਹੋਵੇਗੀ

Published:






