ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਵੱਡੀ ਤੇ ਅਨੋਖੀ ਮਿਸਾਲ ਪੇਸ਼ ਕਰਦਿਆਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ (ਗੰਨਮੈਨ) ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਰਸਮੀ ਤੌਰ ’ਤੇ ਪੱਤਰ ਲਿਖ ਕੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਸਾਰੇ ਪੁਲਿਸ ਜਵਾਨਾਂ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ ਹੈ।
ਡੀ.ਜੀ.ਪੀ. ਨੂੰ ਭੇਜੇ ਗਏ ਪੱਤਰ ਵਿੱਚ ਸੰਤ ਸੀਚੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਗੰਨਮੈਨਾਂ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧਿਕ ਘਟਨਾਵਾਂ, ਚੋਰੀਆਂ ਅਤੇ ਨਸ਼ਿਆਂ ਨਾਲ ਜੁੜੇ ਮਾਮਲਿਆਂ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਦੀ ਸਭ ਤੋਂ ਵੱਧ ਲੋੜ ਆਮ ਲੋਕਾਂ ਦੀ ਸੁਰੱਖਿਆ ਅਤੇ ਥਾਣਿਆਂ ਵਿੱਚ ਹੈ। ਉਨ੍ਹਾਂ ਸੁਝਾਅ ਦਿੱਤਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਕੀਤੇ ਗਏ ਛੇ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਹਟਾ ਕੇ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖ਼ਾਸ ਸਮੇਤ ਹੋਰ ਲੋੜੀਂਦੇ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਕੀਤਾ ਜਾਵੇ, ਜਿੱਥੇ ਸਟਾਫ਼ ਦੀ ਘਾਟ ਕਾਰਨ ਪੁਲਿਸਿੰਗ ਪ੍ਰਭਾਵਿਤ ਹੋ ਰਹੀ ਹੈ।
ਸੰਤ ਸੀਚੇਵਾਲ ਵੱਲੋਂ ਲਏ ਗਏ ਇਸ ਸਵੈ-ਇੱਛੁਕ ਫ਼ੈਸਲੇ ਦੀ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਭਾਰੀ ਚਰਚਾ ਹੋ ਰਹੀ ਹੈ, ਕਿਉਂਕਿ ਆਮ ਤੌਰ ’ਤੇ ਜਨ-ਪ੍ਰਤੀਨਿਧੀ ਵੀ.ਆਈ.ਪੀ. ਸੁਰੱਖਿਆ ਲੈਣ ਲਈ ਯਤਨਸ਼ੀਲ ਰਹਿੰਦੇ ਹਨ, ਜਦਕਿ ਉਨ੍ਹਾਂ ਨੇ ਜਨਹਿਤ ਨੂੰ ਪਹਿਲਾਂ ਰੱਖਦਿਆਂ ਆਪਣੀ ਸੁਰੱਖਿਆ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਇਸ ਪੱਤਰ ਦੀਆਂ ਕਾਪੀਆਂ ਮੁੱਖ ਮੰਤਰੀ, ਰਾਜਪਾਲ ਅਤੇ ਸਬੰਧਤ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਕਾਰੀ ਸੁਰੱਖਿਆ ਵਾਪਸ ਕਰਨ ਲਈ ਡੀ.ਜੀ.ਪੀ. ਨੂੰ ਲਿਖਿਆ ਪੱਤਰ, ਕਿਹਾ— ‘ਗੰਨਮੈਨਾਂ ਨੂੰ ਥਾਣਿਆਂ ਵਿੱਚ ਕੀਤਾ ਜਾਵੇ ਤਾਇਨਾਤ’

Published:






