ਕਾਲੇ ਸਾਗਰ ਵਿੱਚ ਵਪਾਰਕ ਜਹਾਜ਼ ’ਤੇ ਹਮਲਾ, ਇੱਕ ਭਾਰਤੀ ਨਾਗਰਿਕ ਦੀ ਮੌਤ ਤੋਂ ਬਾਅਦ ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਨਿੰਦਾ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਰੂਸ-ਯੂਕਰੇਨ ਯੁੱਧ ਦੇ ਪ੍ਰਭਾਵ ਹੇਠ ਕਾਲੇ ਸਾਗਰ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਮਾਰਸ਼ਲ ਆਈਲੈਂਡਜ਼ ਦੇ ਝੰਡੇ ਵਾਲੇ ਕਾਰਗੋ ਜਹਾਜ਼ ‘ਐੱਮ.ਵੀ. ਓਮੋਰਫ਼ੀ ਉੱਤੇ ਹੋਏ ਹਮਲੇ ਦੌਰਾਨ ਇੱਕ ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੇ ਦਿਨੀਂ ਉਸ ਸਮੇਂ ਵਾਪਰੀ ਜਦੋਂ ਇਹ ਵਪਾਰਕ ਜਹਾਜ਼ ਕਾਲੇ ਸਾਗਰ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਰਿਪੋਰਟਾਂ ਮੁਤਾਬਕ, ਇਹ ਇਲਾਕਾ ਰੂਸੀ ਖੇਤਰੀ ਪਾਣੀਆਂ ਵਿੱਚ ਆਉਂਦਾ ਹੈ। ਹਮਲੇ ਦੇ ਸਮੇਂ ਜਹਾਜ਼ ਵਿੱਚ ਕੁੱਲ 10ਕ੍ਰਿਊ ਮੈਂਬਰ ਸਵਾਰ ਸਨ, ਜਿਨ੍ਹਾਂ ਵਿੱਚ 3 ਭਾਰਤੀ ਨਾਗਰਿਕ ਵੀ ਸ਼ਾਮਲ ਸਨ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਭਿਆਨਕ ਹਮਲੇ ਵਿੱਚ ਚੀਫ਼ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਭਾਰਤੀ ਨਾਗਰਿਕ ਸਾਗਰ ਗੁਪਤਾ ਦੀ ਮੌਤ ਹੋ ਗਈ ਹੈ, ਜਦੋਂ ਕਿ ਬਾਕੀ ਦੋ ਭਾਰਤੀ ਕ੍ਰਿਊ ਮੈਂਬਰ ਸੁਰੱਖਿਅਤ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਕਾਲੇ ਸਾਗਰ ਖੇਤਰ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਵਿੱਚ ਤੇਜ਼ੀ ਆਈ ਹੈ, ਜਿਸ ਨਾਲ ਸਮੁੰਦਰੀ ਆਵਾਜਾਈ ਅਤੇ ਖ਼ਾਸਕਰ ਭਾਰਤੀ ਨਾਵਿਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ‘ਐੱਮ.ਵੀ. ਗੋਲਡਨ ਲੀਓ’ ਨਾਮਕ ਜਹਾਜ਼ ’ਤੇ ਹੋਏ ਹਮਲੇ ਵਿੱਚ ਭਾਰਤੀ ਨਾਗਰਿਕਾਂ ਦੀ ਜਾਨ ਗਈ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਰੂਸ ਵਿੱਚ ਸਥਿਤ ਆਪਣੇ ਰਾਜਦੂਤ ਅਤੇ ਮਿਸ਼ਨ ਰਾਹੀਂ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰ ਲਿਆ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਅਤੇ ਮ੍ਰਿਤਕ ਦੇ ਸਰੀਰ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਨੂੰ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ। ਵਿਦੇਸ਼ ਮੰਤਰਾਲੇ ਨੇ ਦੁਹਰਾਇਆ ਹੈ ਕਿ ਵਪਾਰਕ ਸ਼ਿਪਿੰਗ ਅਤੇ ਬੇਕਸੂਰ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।

Read News Paper

Related articles

spot_img

Recent articles

spot_img