ਵਾਸ਼ਿੰਗਟਨ/ਪੰਜਾਬ ਪੋਸਟ
ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਅਤੇ ਕੂਟਨੀਤਕ ਤਣਾਅ ਨੂੰ ਲੈ ਕੇ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਇੰਟਰਵਿਊ ਦੌਰਾਨ ਸਪੱਸ਼ਟ ਕੀਤਾ ਹੈ ਕਿ ਉਹ ਈਰਾਨ ਨਾਲ ਜੰਗ ਖ਼ਤਮ ਕਰਨ ਲਈ ਕਿਸੇ ਵੀ ਕਾਹਲੀ ਵਿੱਚ ਨਹੀਂ ਹਨ। ਇਸ ਦੇ ਨਾਲ ਹੀ ਟਰੰਪ ਨੇ ਓਮਾਨ ਦੇਸ਼ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਓਮਾਨ ਸਰਕਾਰ ‘ਸਟ੍ਰੇਟ ਆਫ਼ ਹੋਰਮੁਜ਼’ ਦੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ਵਿੱਚ ਅਮਰੀਕਾ ਦੇ ਰਾਹ ਵਿੱਚ ਆਈ, ਤਾਂ ਅਮਰੀਕਾ ਸਖ਼ਤ ਫ਼ੌਜੀ ਕਾਰਵਾਈ ਕਰੇਗਾ।
ਦੂਜੇ ਪਾਸੇ, ਈਰਾਨ ਨੇ ਅਮਰੀਕੀ ਰਾਸ਼ਟਰਪਤੀ ਦੇ ਉਸ ਦਾਅਵੇ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਜੰਗ ਬਾਅਦ ਇਸ ਰਣਨੀਤਕ ਜਲਮਾਰਗ ਨੂੰ ਅਮਰੀਕੀ ਖੇਤਰ ਘੋਸ਼ਿਤ ਕਰਨ ਦੀ ਗੱਲ ਕਹੀ ਸੀ। ਈਰਾਨੀ ਵਿਦੇਸ਼ ਮੰਤਰਾਲੇ ਅਤੇ ਸੀਨੀਅਰ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅਮਰੀਕਾ ਨਾਲ ਕੂਟਨੀਤਕ ਗੱਲਬਾਤ ਪੂਰੀ ਤਰ੍ਹਾਂ ਫ਼ੇਲ੍ਹ ਹੁੰਦੀ ਹੈ, ਤਾਂ ਈਰਾਨ ਖੇਤਰ ਵਿੱਚ ਤਣਾਅ ਨੂੰ ਹੋਰ ਜ਼ਿਆਦਾ ਵਧਾਉਣ ਤੋਂ ਪਿੱਛੇ ਨਹੀਂ ਹਟੇਗਾ ਅਤੇ ਰੱਖਿਆਤਮਕ ਦੀ ਬਜਾਏ ਹਮਲਾਵਰ ਰੁਖ਼ ਅਪਣਾਏਗਾ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਤਣਾਅ ਦਾ ਸਿੱਧਾ ਅਸਰ ਕੱਚੇ ਤੇਲ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ, ਕਿਉਂਕਿ ਦੁਨੀਆ ਦਾ 20 ਫ਼ੀਸਦੀ ਤੇਲ ਇਸੇ ਰਸਤੇ ਰਾਹੀਂ ਲੰਘਦਾ ਹੈ ਅਤੇ ਜੰਗ ਕਾਰਨ ਇਹ ਸਮੁੰਦਰੀ ਰਸਤਾ ਲਗਭਗ ਬੰਦ ਪਿਆ ਹੈ। ਇਸ ਤੋਂ ਇਲਾਵਾ, ਅਮਰੀਕੀ ਪ੍ਰਸ਼ਾਸਨ ਨੇ ਆਉਣ ਵਾਲੇ ਦਿਨਾਂ ਵਿੱਚ ਈਰਾਨ ‘ਤੇ ਹੋਰ ਵੀ ਸਖ਼ਤ ਆਰਥਿਕ ਪਾਬੰਦੀਆਂ ਲਗਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਮੱਧ ਪੂਰਬ ਵਿੱਚ ਸ਼ਾਂਤੀ ਦੀਆਂ ਸੰਭਾਵਨਾਵਾਂ ਹੋਰ ਘੱਟ ਹੁੰਦੀਆਂ ਨਜ਼ਰ ਆ ਰਹੀਆਂ ਹਨ।
ਡੋਨਾਲਡ ਟਰੰਪ ਦੀ ਓਮਾਨ ਨੂੰ ‘ਹੋਰਮੁਜ਼’ ਬਾਰੇ ਧਮਕੀ, ਈਰਾਨ ਵੱਲੋਂ ਵੀ ਸਖ਼ਤ ਮੋੜਵੀਂ ਚਿਤਾਵਨੀ

Published:






