ਦਿੱਲੀ ‘ਚ ਰੋਸ ਪ੍ਰਦਰਸ਼ਨ ਜਾਰੀ: ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਆਗੂ ਦੇਰ ਰਾਤ ਹਿਰਾਸਤ ਤੋਂ ਰਿਹਾਅ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਨੇੜੇ ਨੀਟ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਵਿਰੋਧੀ ਆਗੂਆਂ ਨੂੰ ਦੇਰ ਰਾਤ ਦਿੱਲੀ ਪੁਲਿਸ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
ਮੰਗਲਵਾਰ ਦੁਪਹਿਰ ਨੂੰ ਜਦੋਂ ਕਾਂਗਰਸੀ ਆਗੂਆਂ ਅਤੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਅਤੇ ਉੱਥੇ ਧਰਨਾ ਦਿੱਤਾ, ਤਾਂ ਦਿੱਲੀ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਦੌਰਾਨ ਪੁਲਿਸ ਅਤੇ ਆਗੂਆਂ ਵਿੱਚ ਕਾਫ਼ੀ ਖਿੱਚੋਤਾਣ ਵੀ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੂੰ ਛੱਤਰਸਾਲ ਸਟੇਡੀਅਮ ਅਤੇ ਪ੍ਰਿਯੰਕਾ ਗਾਂਧੀ ਨੂੰ ਮੰਦਿਰ ਮਾਰਗ ਥਾਣੇ ਲਿਜਾਇਆ ਗਿਆ ਸੀ। ਲਗਭਗ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਹਿਰਾਸਤ ਵਿੱਚ ਰੱਖਣ ਅਤੇ ਦੇਰ ਰਾਤ ਤੱਕ ਚੱਲੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ। ਰਿਹਾਈ ਤੋਂ ਬਾਅਦ ਵਿਰੋਧੀ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੇ ਹੱਕਾਂ ਅਤੇ ਇਨਸਾਫ਼ ਲਈ ਉਨ੍ਹਾਂ ਦੀ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ।
ਨੀਟ ਪ੍ਰੀਖਿਆ ਵਿੱਚ ਬੇਨਿਯਮੀਆਂ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ‘ਕਾਕਰੋਚ ਜਨਤਾ ਪਾਰਟੀ’ ਦੀ ਅਗਵਾਈ ਹੇਠ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਿਹਾ ਪ੍ਰਦਰਸ਼ਨ ਜਾਰੀ ਹੈ। ਬੀਤੇ ਦਿਨ ‘ਸੰਸਦ ਮਾਰਚ’ ਦੌਰਾਨ ਹੋਏ ਭਾਰੀ ਹੰਗਾਮੇ, ਅੱਥਰੂ ਗੈਸ ਅਤੇ ਪੁਲਿਸ ਲਾਠੀਚਾਰਜ ਤੋਂ ਬਾਅਦ ਜਿੱਥੇ ਪ੍ਰਸ਼ਾਸਨ ਨੇ ਸਾਈਟ ਨੂੰ ਖਾਲ੍ਹੀ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ, ਉੱਥੇ ਹੀ ਅੱਜ ਮੀਂਹ ਅਤੇ ਸਖ਼ਤ ਸੁਰੱਖਿਆ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਮਰਥਕ ਮੁੜ ਜੰਤਰ-ਮੰਤਰ ਵਿਖੇ ਇਕੱਠੇ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਰਾਤੋ-ਰਾਤ ਟੈਂਟ ਅਤੇ ਸਟੇਜ ਨੂੰ ਮੁੜ ਤਿਆਰ ਕਰ ਲਿਆ ਹੈ।

Read News Paper

Related articles

spot_img

Recent articles

spot_img