ਪਾਕਿਸਤਾਨ ’ਚ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਾਹਿਬ ਢਾਹਿਆ: ਸਿੱਖਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ

Published:

Rate this post

ਲਾਹੌਰ/ਪੰਜਾਬ ਪੋਸਟ
ਪਾਕਿਸਤਾਨ ਦੇ ਲਾਹੌਰ ਤੋਂ ਕਰੀਬ 70 ਕਿਲੋਮੀਟਰ ਦੂਰ ਸਥਿਤ ਸ਼ੇਖੂਪੁਰਾ ਜ਼ਿਲ੍ਹੇ ਦੇ ਫਾਰੂਕਾਬਾਦ (ਮੰਡੀ ਚੂਹੜਕਾਣਾ) ਵਿਖੇ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਠੇਸ ਪਹੁੰਚਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਿੰਘ ਸਭਾ ਲਹਿਰ ਨਾਲ ਸਬੰਧਤ 125 ਸਾਲ ਪੁਰਾਣੇ ਇਤਿਹਾਸਕ ‘ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ’ ਦੇ ਇੱਕ ਵੱਡੇ ਹਿੱਸੇ ਨੂੰ ਇੱਕ ਸਥਾਨਕ ਕਾਰੋਬਾਰੀ ਵੱਲੋਂ ਰਾਤੋ-ਰਾਤ ਜ਼ਬਰਦਸਤੀ ਢਾਹ ਦਿੱਤਾ ਗਿਆ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਭਾਰੀ ਗੁੱਸੇ ਅਤੇ ਨਿਰਾਸ਼ਾ ਦੀ ਲਹਿਰ ਦੌੜ ਗਈ ਹੈ। ਸਥਾਨਕ ਸਿੱਖਾਂ ਨੇ ਘਟਨਾ ਵਾਲੀ ਥਾਂ ‘ਤੇ ਇਕੱਠੇ ਹੋ ਕੇ ਪਾਕਿਸਤਾਨ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਹਨ।
ਇਸ ਬੇਹੱਦ ਸੰਵੇਦਨਸ਼ੀਲ ਮਾਮਲੇ ‘ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਸ਼ਾਮ ਇੱਕ ਸਖ਼ਤ ਅਧਿਕਾਰਤ ਬਿਆਨ ਜਾਰੀ ਕਰਦਿਆਂ ਇਸ ਘਟਨਾ ਦੀ ਤਿੱਖੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਨੂੰ “ਬੇਹੱਦ ਮੰਦਭਾਗੀ ਅਤੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ‘ਤੇ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਭੰਨ-ਤੋੜ” ਕਰਾਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਸਰਕਾਰ ਕੋਲ ਆਪਣਾ ਸਖ਼ਤ ਕੂਟਨੀਤਕ (ਡਿਪਲੋਮੈਟਿਕ) ਵਿਰੋਧ ਦਰਜ ਕਰਵਾਉਂਦਿਆਂ ਮੰਗ ਕੀਤੀ ਹੈ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੇ ਢਾਹੇ ਗਏ ਹਿੱਸੇ ਦਾ ਤੁਰੰਤ ਨਵੇਂ ਸਿਰੇ ਤੋਂ ਨਿਰਮਾਣ ਕਰਵਾਇਆ ਜਾਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਵੀ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ, ਸਿੱਖ ਭਾਈਚਾਰੇ ਦੇ ਭਾਰੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪਾਕਿਸਤਾਨ ਪੰਜਾਬ ਦੇ ਪਹਿਲੇ ਸਿੱਖ ਘੱਟ-ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਅੱਜ ਫਾਰੂਕਾਬਾਦ ਵਿਖੇ ਗੁਰਦੁਆਰਾ ਸਾਹਿਬ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਐਲਾਨ ਕੀਤਾ ਕਿ ਔਕਾਫ਼ ਵਿਭਾਗ ਦੀ ਮੁਢਲੀ ਜਾਂਚ ਮੁਤਾਬਕ ਇੱਕ ਸਥਾਨਕ ਵਪਾਰੀ ਨੇ ਬਿਨਾਂ ਕਿਸੇ ਸਰਕਾਰੀ ਪ੍ਰਵਾਨਗੀ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਹੈ।
ਮੰਤਰੀ ਨੇ ਦੱਸਿਆ ਕਿ ਸਰਕਾਰ ਇਸ ਇਤਿਹਾਸਕ ਵਿਰਾਸਤ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੁਰਦੁਆਰਾ ਸਾਹਿਬ ਦੇ ਮੁੜ-ਨਿਰਮਾਣ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਔਕਾਫ਼ ਵਿਭਾਗ ਨੂੰ ਇਸ ਜ਼ਮੀਨ ਦੀ ਮਲਕੀਅਤ ਦੀ ਮੁਕੰਮਲ ਜਾਂਚ ਕਰਕੇ 24 ਘੰਟਿਆਂ ਵਿੱਚ ਰਿਪੋਰਟ ਸੌਂਪਣ ਅਤੇ ਦੋਸ਼ੀ ਕਾਰੋਬਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਉੱਥੇ ਸਥਾਨਕ ਪੱਧਰ ‘ਤੇ ਦੁਕਾਨਾਂ ਚਲਾਉਣ ਵਾਲੇ ਕੁਝ ਮੁਸਲਿਮ ਵਪਾਰੀਆਂ ਨੇ ਖ਼ਦਸ਼ਾ ਜਤਾਇਆ ਹੈ ਕਿ ਇਸ ਕਾਰਵਾਈ ਨਾਲ ਕਈ ਪਰਿਵਾਰ ਉੱਜੜ ਸਕਦੇ ਹਨ, ਜਿਸ ‘ਤੇ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਜਾਇਜ਼ ਨਾਗਰਿਕ ਨੂੰ ਬਿਨਾਂ ਬਦਲਵੇਂ ਪ੍ਰਬੰਧ ਦੇ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਪਰ ਗੁਰੂ ਘਰ ਦੀ ਪਵਿੱਤਰਤਾ ਅਤੇ ਇਮਾਰਤ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।

Read News Paper

Related articles

spot_img

Recent articles

spot_img