ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਹੀ ਸਿਆਸੀ ਮਾਹੌਲ ਕਾਫ਼ੀ ਗਰਮ ਰਿਹਾ ਅਤੇ ਸਦਨ ਵਿੱਚ ਕੇਂਦਰ ਸਰਕਾਰ ਵਿਰੁੱਧ ਇੱਕ ਅਹਿਮ ਨਿੰਦਾ ਮਤਾ ਪਾਸ ਕੀਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਦੇਸ਼ ਭਰ ਵਿੱਚ ਹੋ ਰਹੇ ਪੇਪਰ ਲੀਕ ਮਾਮਲਿਆਂ, ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਅਤੇ ਨੀਟ ਪੇਪਰ ਲੀਕ ਖ਼ਿਲਾਫ਼ ਸ਼ਾਂਤਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਕੇਂਦਰੀ ਹਕੂਮਤ ਅਤੇ ਵੱਖ-ਵੱਖ ਰਾਜਾਂ ਦੀਆਂ ਪੁਲੀਸ ਪ੍ਰਸ਼ਾਸਨਾਂ ਵੱਲੋਂ ਕੀਤੀ ਗਈ ਕਾਰਵਾਈ ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਦਨ ਵਿੱਚ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਦੇਸ਼ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਦਰਜਨਾਂ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੈ। ਸਰਕਾਰ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਦਿੱਲੀ, ਬਿਹਾਰ ਅਤੇ ਮੱਧ ਪ੍ਰਦੇਸ਼ ਸਮੇਤ ਹੋਰਨਾਂ ਥਾਵਾਂ ’ਤੇ ਆਪਣੇ ਹੱਕਾਂ ਲਈ ਆਵਾਜ਼ੁ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਦਬਾਉਣ ਲਈ ਤਾਕਤ ਦੀ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਦਨ ਵਿੱਚ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵੀ ਵਿਰੋਧੀ ਧਿਰਾਂ ਅਤੇ ਸੱਤਾਧਾਰੀ ਧਿਰ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ। ਪਹਿਲੇ ਹੀ ਦਿਨ ਆਏ ਇਸ ਨਿੰਦਾ ਮਤੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਦੀ ਕਾਰਵਾਈ ਦੇ ਹੋਰ ਵੀ ਹੰਗਾਮੇਦਾਰ ਰਹਿਣ ਦੇ ਆਸਾਰ ਬਣ ਗਏ ਹਨ।
ਪੰਜਾਬ ਵਿਧਾਨ ਸਭਾ ‘ਚ ਕੇਂਦਰ ਸਰਕਾਰ ਖ਼ਿਲਾਫ਼ ਪੇਪਰ ਲੀਕ ਅਤੇ ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਨਿੰਦਾ ਮਤਾ ਪਾਸ

Published:






