ਸੰਗਰੂਰ/ਪੰਜਾਬ ਪੋਸਟ :
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ। ਸੱਤ ਰੋਜ਼ਾ ਪੱਕੇ ਮੋਰਚੇ ਦੇ ਤੀਜੇ ਦਿਨ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਧਰਨੇ ਵਾਲੀ ਥਾਂ ’ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਮਾਰਚ ਕੱਢਿਆ।
ਇਸ ਮੌਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਮੰਗਾਂ ਲਟਕਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਰੋਸ ਵਧ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।







