ਕੋਲਕਾਤਾ/ਪੰਜਾਬ ਪੋਸਟ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ (ਲੁਧਿਆਣਾ, ਜਲੰਧਰ, ਮੋਹਾਲੀ ਅਤੇ ਪਟਿਆਲਾ) ਦੇ ਨਾਮਵਰ ਸਕੂਲਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਬੰਬ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੱਥ ਇੱਕ ਬਹੁਤ ਵੱਡੀ ਸਫ਼ਲਤਾ ਲੱਗੀ ਹੈ। ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਤੋਂ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ ਸ਼ੱਕੀ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਮੁੱਖ ਸਕੂਲਾਂ ਸਮੇਤ ਜਨਤਕ ਥਾਵਾਂ ‘ਤੇ ਧਮਕੀ ਭਰੀਆਂ ਈਮੇਲਾਂ ਭੇਜਣ ਦਾ ਗੰਭੀਰ ਦੋਸ਼ ਹੈ, ਜਿਸ ਕਾਰਨ ਪੂਰੇ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ।
ਜਾਂਚ ਨਾਲ ਜੁੜੇ ਉੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਈਆਂ ਧਮਕੀਆਂ ਤੋਂ ਬਾਅਦ ਸਾਈਬਰ ਟੀਮਾਂ ਪੂਰੀ ਤਰ੍ਹਾਂ ਸਰਗਰਮ ਸਨ। ਸਾਈਬਰ ਮਾਹਰਾਂ ਨੇ ਜਦੋਂ ਇਨ੍ਹਾਂ ਈਮੇਲਾਂ ਦੇ ਆਈ.ਪੀ. ਐਡਰੈੱਸ ਅਤੇ ਡਿਜੀਟਲ ਟ੍ਰੇਲ ਦੀ ਬਾਰੀਕੀ ਨਾਲ ਜਾਂਚ ਕੀਤੀ, ਤਾਂ ਇਸ ਦੀ ਲੋਕੇਸ਼ਨ ਕੋਲਕਾਤਾ ਦੀ ਨਿਕਲੀ। ਇਸ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਕੋਲਕਾਤਾ ਰਵਾਨਾ ਕੀਤੀ ਗਈ, ਜਿਸ ਨੇ ਉੱਥੇ ਛਾਪੇਮਾਰੀ ਕਰਕੇ ਸ਼ੱਕੀ ਨੂੰ ਦਬੋਚ ਲਿਆ। ਫੜੇ ਗਏ ਮੁਲਜ਼ਮ ਕੋਲੋਂ ਕਈ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਲੈਪਟਾਪ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਪਿਛਲੇ 5 ਮਹੀਨਿਆਂ ਦੌਰਾਨ ਬੰਬ ਦੀ ਅਫ਼ਵਾਹ ਫੈਲਾਉਣ ਵਾਲੀਆਂ ਈਮੇਲਾਂ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਵੱਲੋਂ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਗ੍ਰਿਫ਼ਤਾਰ ਕੀਤੇ ਗਏ ਇਸ ਸ਼ੱਕੀ ਦੇ ਤਾਰ ਕਿਸੇ ਸ਼ਰਾਰਤੀ ਅਨਸਰ ਜਾਂ ਕਿਸੇ ਵਿਸ਼ੇਸ਼ ਜਥੇਬੰਦੀ ਨਾਲ ਤਾਂ ਨਹੀਂ ਜੁੜੇ ਹੋਏ।
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ‘ਚ ਕੋਲਕਾਤਾ ਤੋਂ ਇੱਕ ਸ਼ੱਕੀ ਗ੍ਰਿਫ਼ਤਾਰ

Published:






