- ਲੰਮੀ ਜੱਦੋ ਜਹਿਦ ਉਪਰੰਤ ਇਨਸਾਫ਼ ਲਈ ਲੜਾਈ ਹਾਲੇ ਵੀ ਜਾਰੀ
ਦਿੱਲੀ/ਪੰਜਾਬ ਪੋਸਟ
ਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ ਦੀ ਹੱਤਿਆ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਪੀੜਤ ਧਿਰ ਵੱਲੋਂ ਉਸ ਨੂੰ ਸਜ਼ਾ-ਏ-ਮੌਤ ਦੀ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਗਈ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸਬੰਧਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਪਹਿਲਾਂ, ਅਦਾਲਤ ਨੇ ਬੀਤੀ 21 ਫਰਵਰੀ ਨੂੰ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਮਾਮਲਾ ਦਿੱਲੀ ਦੇ ਸਰਸਵਤੀ ਵਿਹਾਰ ‘ਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਹੈ। ਸੱਜਣ ਕੁਮਾਰ ਇਸ ਸਮੇਂ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹੈ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸੇ ਤਰਾਂ, ਦਿੱਲੀ ਕੈਂਟ ਦੀ ਪਾਲਮ ਕਲੋਨੀ ‘ਚ 5 ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਵੀ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਇਸ ਉਪਰੰਤ, 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਕਤਲੇਆਮ ਦੇ ਇਸ ਮਾਮਲੇ ਵਿੱਚ ਬਲਵਾਨ ਖੋਖਰ ਅਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਬਕਾ ਜਲ ਸੈਨਾ ਅਧਿਕਾਰੀ ਭਾਗਮਲ ਤੋਂ ਇਲਾਵਾ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਅਤੇ ਦੋ ਹੋਰਾਂ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ। ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਕੜਕੜਡੂਮਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।
ਸਤੰਬਰ 2023 ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਸੁਲਤਾਨਪੁਰੀ, ਦਿੱਲੀ ‘ਚ 3 ਸਿੱਖਾਂ ਦੇ ਕਤਲ ਕੇਸ ‘ਚੋਂ ਬਰੀ ਕਰ ਦਿੱਤਾ ਸੀ। ਕਤਲੇਆਮ ‘ਚ ਸੀਬੀਆਈ ਦੀ ਇਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ। ਜਿਸ ਕੇਸ ਵਿੱਚ ਹੁਣ ਸੱਜਣ ਕੁਮਾਰ ਨੂੰ ਸਜ਼ਾ ਹੋਈ ਹੈ ਓਸ ਮੁਤਾਬਕ, ਸ. ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤ ਤਰੁਣਦੀਪ ਸਿੰਘ ਦਾ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ‘ਚ ਕਤਲ ਕਰ ਦਿੱਤਾ ਗਿਆ ਸੀ। ਕਾਤਲ ਦੰਗਾਕਾਰੀਆਂ ਦੀ ਭੀੜ ਨੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ।
ਇਸ ਤੋਂ ਬਾਅਦ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਭੀੜ ਨੇ ਪੀੜਤਾਂ ਦੇ ਘਰਾਂ ਵਿੱਚ ਭੰਨਤੋੜ, ਲੁੱਟਮਾਰ ਅਤੇ ਅੱਗਜ਼ਨੀ ਕੀਤੀ। ਤਤਕਾਲੀ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਅੱਗੇ ਸ਼ਿਕਾਇਤਕਰਤਾ ਵੱਲੋਂ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਤਹਿਤ ਦੋਸ਼ ਲਾਏ ਗਏ ਸਨ। ਇਸ ਕੇਸ ਵਿੱਚ ਗੁਰਲਾਡ ਸਿੰਘ ਕਾਹਲੋਂ ਉਹ ਪਟੀਸ਼ਨਰ ਹਨ, ਜਿਨ੍ਹਾਂ ਨੇ 1984 ਦੇ ਕੇਸ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਅਹਿਮ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਦੇ ਆਗੂ ਕਮਲਨਾਥ, ਜਗਦੀਸ਼ ਟਾਈਟਲਰ ਅਤੇ ਹੋਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਦਿੱਲੀ ਦੀ ਇੱਕ ਅਦਾਲਤ ਜਨਕਪੁਰੀ ਅਤੇ ਵਿਕਾਸਪੁਰੀ ਖੇਤਰਾਂ ਵਿੱਚ 1984 ਦੇ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਚੱਲਦੀ ਰਹੀ ਹੈ।
ਹਿੰਸਾ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਦੇ ਅਨੁਸਾਰ, ਦਿੱਲੀ ਵਿੱਚ ਹੋਏ ਕਤਲੇਆਮ ਦੇ ਸਬੰਧ ਵਿੱਚ 587 ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਸਰਕਾਰੀ ਅੰਕੜਿਆਂ ਮੁਤਾਬਕ, ਕਤਲੇਆਮ ਵਿੱਚ 2,733 ਲੋਕ ਮਾਰੇ ਗਏ ਸਨ। ਕੁੱਲ ਮਿਲਾ ਕੇ, ਪੁਲਿਸ ਨੇ “ਅਣਜਾਣ” ਕਾਰਨਾਂ ਦਾ ਹਵਾਲਾ ਦਿੰਦੇ ਹੋਏ ਲਗਭਗ 240 ਐਫਆਈਆਰ ਬੰਦ ਕਰ ਦਿੱਤੀਆਂ ਸਨ ਅਤੇ 250 ਮਾਮਲਿਆਂ ਵਿੱਚ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸ ਵੇਲੇ ਰਾਸ਼ਟਰੀ ਰਾਜਧਾਨੀ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕਈ ਮਾਮਲੇ ਚੱਲ ਹਨ ਜਿਨਾਂ ਵਿੱਚੋਂ ਇੱਕ ਤਹਿਤ ਅੱਜ ਸੱਜਣ ਕੁਮਾਰ ਨੂੰ ਸਜ਼ਾ ਹੋਈ ਹੈ। ਪੀੜਤਾਂ ਨੂੰ ਇਨਸਾਫ਼ ਮੰਗਦੇ ਹੋਏ ਦਹਾਕੇ ਹੋ ਗਏ ਹਨ ਅਤੇ ਭਾਵੇਂ ਦੇਰ ਨਾਲ ਇਨਸਾਫ਼ ਮਿਲਣ ਲੱਗਾ ਹੈ ਪਰ ਇੱਕ ਆਸ ਬਣੀ ਹੈ ਕਿ ਬਾਕੀ ਰਹਿੰਦੇ ਮਾਮਲਿਆਂ ਵਿੱਚ ਵੀ ਇਨਸਾਫ਼ ਹੋਵੇਗਾ।