ਅੰਮ੍ਰਿਤਸਰ/ਪੰਜਾਬ ਪੋਸਟ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੇ ‘ਆਪ੍ਰੇਸ਼ਨ ਸਿੰਦੂਰ’ ਦੀ ਕਾਰਵਾਈ ਮਗਰੋਂ ਇਹ ਪਹਿਲਾ ਸਿੱਖ ਜਥਾ ਹੈ ਜਿਸ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਸਾਲ ਕੇਂਦਰ ਸਰਕਾਰ ਨੇ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਜਥੇ ਦਾ ਹਿੱਸਾ ਬਣਨ ਦੀ ਇਜਾਜ਼ਤ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ, ਗੈਰ-ਨਿਵਾਸੀ ਭਾਰਤੀਆਂ (ਐਨਆਰਆਈ) ਨੂੰ ਵੀ ਯਾਤਰਾ ਵਿੱਚ ਸ਼ਾਮਲ ਹੋਣ ਦੀ ਖੁੱਲ੍ਹ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ‘ਚ ਭਲਕੇ 5 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।





