*ਕਿਸੇ ਨਾਲ ਗੱਠਜੋੜ ਕੀਤੇ ਬਗੈਰ ਸਾਰੀਆਂ ਸੀਟਾਂ ਉੱਤੇ ਇੱਕਲੇ ਚੋਣ ਲੜੇਗੀ
ਚੰਡੀਗੜ੍ਹ/ਪੰਜਾਬ ਪੋਸਟ
ਦਿੱਲੀ ਅਤੇ ਪੰਜਾਬ ਵਿੱਚ ਸਰਕਾਰਾਂ ਬਣਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਗੁਆਂਢੀ ਸੂਬੇ ਹਰਿਆਣੇ ਦਾ ਰੁਖ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਇਸ ਤੋਂ ਪਹਿਲਾਂ, ਹਰਿਆਣਾ ਲੋਕ ਸਭਾ ਚੋਣਾਂ ਵਿਚ ‘ਆਪ’ ਨੇ ਕਾਂਗਰਸ ਨਾਲ ਗੱਠਜੋੜ ਕਰਕੇ ਇੱਕ ਸੀਟ ’ਤੇ ਚੋਣ ਲੜੀ ਸੀ। ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੰਸਦ ਮੈਂਬਰਾਂ ਸੰਜੇ ਸਿੰਘ ਅਤੇ ਸੰਦੀਪ ਪਾਠਕ ਦੀ ਮੌਜੂਦਗੀ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਨ ਦਾ ਫੈਸਲਾ ਕੀਤਾ ਹੈ ਜਿਸ ਤਹਿਤ ‘ਆਪ’ ਟੀਮ ਬਣਾ ਕੇ ਚੋਣਾਂ ਲੜੇਗੀ ਅਤੇ 10 ਸਾਲ ਰਾਜ ਕਰਨ ਵਾਲੀ ਹਰਿਆਣਾ ਵਿਚ ਡਬਲ ਇੰਜਣ ਵਾਲੀ ਸਰਕਾਰ ਨੂੰ ਉਤਾਰੇਗੀ ਕਿਉਂਕਿ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਹਰਿਆਣਾ ਦੇ ਲੋਕ ਬਦਲਾਅ ਚਾਹੁੰਦੇ ਹਨ। ਇਸ ਤਰਾਂ ਵੱਡੀ ਗੱਲ ਇਹ ਹੈ ਕਿ ‘ਆਪ’ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ ਅਤੇ ਕਿਸੇ ਹੋਰ ਧਿਰ ਨਾਲ ਗੱਠਜੋੜ ਨਹੀਂ ਕੀਤਾ ਜਾ ਰਿਹਾ।