ਅੰਮਿ੍ਰਤਸਰ/ਨਾਂਦੇੜ/ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇੱਥੇ ਕੱਢੇ ਵਿਸ਼ਾਲ ਰੋਸ ਮਾਰਚ ’ਚ ਸ਼ਾਮਲ ਹੋਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਜਿਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਅਤੇ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਦੇ ਨਾਲ ਹੀ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ’ਚ ਸੋਧ ਤੋਂ ਉਪਜੇ ਮਸਲੇ ਬਾਰੇ ਵਿਸਥਾਰ ’ਚ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਤਖ਼ਤ ਦੇ ਜਥੇਦਾਰ ਨੂੰ ਇਸ ਸਿੱਖ ਵਿਰੋਧੀ ਫ਼ੈਸਲੇ ਨੂੰ ਵਾਪਸ ਕਰਵਾਉਣ ’ਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ।
ਤਖ਼ਤ ਮੈਨੇਜਮੈਂਟ ਐਕਟ ’ਚ ਸੋਧਾਂ ਜਿਸ ਰਾਹੀਂ ਸਰਕਾਰੀ ਨਾਮਜ਼ਦਗੀਆਂ ਦੋ ਤੋਂ ਵਧਾ ਕੇ 12 ਕਰ ਦਿੱਤੀਆਂ ਗਈਆਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖ਼ਿਆਲ ਕੀਤੇ ਬਗੈਰ ਲਿਆ ਗਿਆ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਫੈਸਲੇ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਸਿੱਧਾ ਦਖ਼ਲ ਕਰਾਰ ਦਿੱਤਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇਸ ਧੱਕੇ ਨਾਲ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਇਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿੱਖ ਕੌਮ ਆਪਣੇ ਗੁਰਧਾਮਾਂ ਦੀ ਸੰਭਾਲ ਕਰਨ ਅਤੇ ਇੱਥੇ ਪਵਿੱਤਰਤਾ ਕਾਇਮ ਰੱਖਣ ਦੇ ਪੂਰੀ ਤਰ੍ਹਾਂ ਸਮਰਥ ਹੈ ਅਤੇ ਇਸਨੂੰ ਅਜਿਹਾ ਕਰਦੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਰਾਹੀਂ ਖਿੱਤੇ ’ਚ ਸਿੱਖ ਗੁਰਧਾਮਾਂ ਦੀ ਸੰਭਾਲ, ਮੁਰੰਮਤ ਅਤੇ ਕੰਮ ਕਰਦੇ ਰਹਿਣ ਬਾਰੇ ਲੋੜੀਂਦੇ ਨਿਯਮ ਬਣਾਏ ਗਏ ਹਨ ਅਤੇ ਇਸਦੇ ਪੁਨਰਗਠਨ ਨਾਲ ਸੰਗਤਾਂ ’ਚ ਸੋਧ ਕਰੇਗਾ ਤੇ ਸਿੱਖ ਕੌਮ ’ਚ ਬੇਭਰੋਸਗੀ ਦੀ ਭਾਵਨਾ ਪੈਦਾ ਹੋਵੇਗੀ। ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦੇ ਫੈਸਲੇ ਖ਼ਿਲਾਫ਼ ਨਾਂਦੇੜ ’ਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ’ਚ ਗੁਆਂਢੀ ਖੇਤਰਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤਾਂ ਸ਼ਾਮਲ ਹੋਈਆਂ।
ਮਹਾਰਾਸ਼ਟਰ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪੁਰਾਣਾ ਐਕਟ ਜਿਸ ਰਾਹੀਂ ਸ਼੍ਰੋਮਣੀ ਕਮੇਟੀ, ਸੱਚਖੰਡ ਹਜ਼ੂਰ ਖਾਲਸਾ ਦੀਵਾਨ, ਚੀਫ ਖਾਲਸਾ ਦੀਵਾਨ ਅਤੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਢੱੁਕਵੀਂ ਪ੍ਰਤੀਨਿਧਤਾ ਦਿੱਤੀ ਗਈ ਸੀ, ਉਸਨੂੰ ਬਹਾਲ ਕੀਤਾ ਜਾਵੇ। ਇਸ ਦੌਰਾਨ ਮਾਮਲੇ ਦੀ ਗੰਭੀਰਤਾ ਵੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਸਾਹਿਬ ਪਹੁੰਚ ਗਏ।