ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦੇਣਗੇ। ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਦੱਸਦੇ ਹੋਣ ਕਰਕੇ ਧਾਮੀ ਨੇ ਕਿਹਾ ਹੈ ਕਿ ਇਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ‘ਐਮਰਜੈਂਸੀ’ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ।
ਕੰਗਨਾ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ’ਚ ਨਹੀਂ ਚੱਲਣ ਦੇਣਗੇ : ਧਾਮੀ
Published: