*ਸੋਸ਼ਲ ਮੀਡੀਆ ਜ਼ਰੀਏ ਕੀਤਾ ਐਲਾਨ: ਜਥੇਦਾਰ ਨੂੰ ਪੇਸ਼ੀ ਦਾ ਵੀਡੀਓ ਜਨਤਕ ਕਰਨ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਪੰਜਾਬ ਪੋਸਟ
ਸੀਨੀਅਰ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਲੋਂ ਖੁਦ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ ਹਾਲਾਂਕਿ ਉਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ‘ਮੇਰੀਆਂ ਰਗਾਂ ਦੇ ਵਿੱਚ ਅਕਾਲੀ ਦਲ ਦਾ ਖੂਨ ਦੌੜਦਾ ਹੈ’। ਵਲਟੋਹਾ ਨੇ ਕਿਹਾ ਹੈ ਕਿ, ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ ਜਿਸ ਤੋਂ ਬਾਅਦ ਉਨਾਂ ਨੇ ਇਹ ਫੈਸਲਾ ਲਿਆ। ਆਪਣੇ ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਗਏ ਬਿਆਨ ਵਿਚ ਵਲਟੋਹਾ ਨੇ ਲਿਖਿਆ ਕਿ, ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ’। ਵਲਟੋਹਾ ਨੇ ਇੱਕ ਹੋਰ ਪਹਿਲੂ ਦਾ ਜ਼ਿਕਰ ਕਰਦੇ ਹੋਏ ਇਹ ਵੀ ਲਿਖਿਆ ਹੈ ਕਿ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਵਲਟੋਹਾ ਨੇ ਇਸੇ ਪੋਸਟ ਜ਼ਰੀਏ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ।