ਖਨੌਰੀ/ਪੰਜਾਬ ਪੋਸਟ
ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਅਸੀਂ ਦੁਕਾਨਦਾਰਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ ਅਤੇ ਟਰੇਡ ਯੂਨੀਅਨਾਂ ਨਾਲ ਮੀਟਿੰਗ ਕਰਾਂਗੇ ਤੇ ਪੰਜਾਬ ਬੰਦ ਕਰਨ ਵਿਚ ਸਹਿਯੋਗ ਦੇਣ ਦੀ ਮੰਗ ਕਰਨਗੇ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਨੇ ਪੰਜਾਬ ‘ਚ 3 ਘੰਟੇ ਤੱਕ ਰੇਲ ਪਟੜੀਆਂ ਨੂੰ ਜਾਮ ਕੀਤਾ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠੇ ਸਨ। ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ ਸਮੇਤ 13 ਮੰਗਾਂ ਦੀ ਪੂਰਤੀ ਦੀ ਮੰਗ ਨੂੰ ਲੈ ਕੇ 23 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਚੱਲ ਰਹੇ ਹਨ।
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲਾਂ ਰੋਕਣ ਉਪਰੰਤ ਹੁਣ 30 ਤਰੀਕ ਨੂੰ ‘ਪੰਜਾਬ ਬੰਦ’ ਦਾ ਸੱਦਾ

Published: