ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਵ੍ਹਾਈਟ ਹਾਊਸ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਰਹਿਣ ਵਾਲੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਸੰਘੀ ਸਰਕਾਰ ਕੋਲ ਰਜਿਸਟਰ ਕਰਵਾਉਣਾ ਪਵੇਗਾ। ਜੇ ਉਹ ਅਜਿਹਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਜੁਰਮਾਨਾ, ਜੇਲ ਅਤੇ ਦੇਸ਼ ਨਿਕਾਲਾ ਵੀ ਦਿਤਾ ਸਕਦਾ ਹੈ। ਇਸ ਐਲਾਨ ਨੇ ਅਮਰੀਕਾ ਭਰ ਦੇ ਪ੍ਰਵਾਸੀ ਭਾਈਚਾਰਿਆਂ ਵਿਚ ਚਿੰਤਾ ਪੈਦਾ ਕਰ ਦਿਤੀ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ, ’30 ਦਿਨਾਂ ਤੋਂ ਵੱਧ ਸਮੇਂ ਲਈ ਸੰਯੁਕਤ ਰਾਜ ਅਮਰੀਕਾ ਵਿਚ ਰਹਿਣ ਵਾਲੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਸੰਘੀ ਸਰਕਾਰ ਕੋਲ ਰਜਿਸਟਰ ਕਰਵਾਉਣਾ ਹੋਵੇਗਾ।’ ਇਸ ਦੀ ਪਾਲਣਾ ਨਾ ਕਰਨਾ ਇਕ ਅਪਰਾਧ ਹੈ ਜਿਸ ਦੀ ਸਜ਼ਾ ਜੁਰਮਾਨਾ, ਕੈਦ ਜਾਂ ਦੋਵੇਂ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਜੱਜ ਨੇ ਫ਼ੈਸਲਾ ਸੁਣਾਇਆ ਕਿ ਮੁਦਈਆਂ ਕੋਲ ਨਿਯਮ ਨੂੰ ਲਾਗੂ ਕਰਨ ਤੋਂ ਰੋਕਣ ਲਈ ਲੋੜੀਂਦੇ ਕਾਨੂੰਨੀ ਆਧਾਰਾਂ ਦੀ ਘਾਟ ਸੀ। ਇਸ ਨਾਲ ਵਿਵਾਦਪੂਰਨ ਨਿਰਦੇਸ਼ ਦੇ ਲਾਗੂ ਹੋਣ ਦਾ ਰਾਹ ਸਾਫ਼ ਹੋ ਗਿਆ। ਨਵੇਂ ਨਿਯਮ ਦੇ ਤਹਿਤ, ਵਿਦੇਸ਼ੀ ਨਾਗਰਿਕਾਂ (ਵੀਜ਼ਾ ਧਾਰਕਾਂ ਅਤੇ ਕਾਨੂੰਨੀ ਸਥਾਈ ਨਿਵਾਸੀਆਂ ਸਮੇਤ) ਨੂੰ ਹਰ ਸਮੇਂ ਰਜਿਸਟ੍ਰੇਸ਼ਨ ਦਾ ਸਬੂਤ ਅਪਣੇ ਨਾਲ ਰੱਖਣ ਦੀ ਲੋੜ ਹੋਵੇਗੀ।