ਦਿੱਲੀ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸਮੇਤ ਵਿਸ਼ਵ ਨੇਤਾਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਭਾਰਤ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਹਮਲੇ ਵਿੱਚ 28 ਲੋਕ ਮਾਰੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਦੌਰਾਨ, ਟਰੰਪ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ “ਘਿਨਾਉਣੇ ਹਮਲੇ” ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਭਾਰਤ ਨੂੰ ਪੂਰਾ ਸਮਰਥਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਉਨ੍ਹਾਂ (ਟਰੰਪ) ਨੇ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਸੂਮ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।” ਪੋਸਟ ਵਿੱਚ ਕਿਹਾ ਗਿਆ ਹੈ, “ਭਾਰਤ ਅਤੇ ਅਮਰੀਕਾ ਅਤਿਵਾਦ ਵਿਰੁੱਧ ਲੜਾਈ ਵਿੱਚ ਇੱਕਜੁੱਟ ਹਨ।” ਇਸ ਤੋਂ ਪਹਿਲਾਂ, ਟਰੰਪ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਟਰੂਥ ਸੋਸ਼ਲ’ ‘ਤੇ ਇੱਕ ਪੋਸਟ ਵਿੱਚ ਕਿਹਾ ਸੀ, “ਕਸ਼ਮੀਰ ਤੋਂ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਖ਼ਬਰ ਆਈ ਹੈ। ਅਮਰੀਕਾ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।” ਓਧਰ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਸੰਦੇਸ਼ ਵਿੱਚ, ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ “ਬੇਰਹਿਮ ਅਪਰਾਧ” ਜਾਇਜ਼ ਨਹੀਂ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਢੁੱਕਵੀਂ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।