*ਕਿਹਾ, ‘ਕੈਨੇਡਾ ਵੱਲੋਂ ਲਾਏ ਦੋਸ਼ਾਂ ਉੱਤੇ ਭਾਰਤ ਨੂੰ ਸਹਿਯੋਗ ਕਰਨਾ ਚਾਹੀਦਾ’
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਇਸ ਵੇਲੇ ਭਾਰਤ ਅਤੇ ਕੈਨੇਡਾ ਵਿਚਾਲੇ ਇੱਕ ਵਾਰ ਫਿਰ ਤਣਾਅ ਵਧਿਆ ਹੋਇਆ ਹੈ ਅਤੇ ਅਜਿਹੇ ਵਿੱਚ ਹੁਣ ਅਮਰੀਕਾ ਵੀ ਇਸ ਮਾਹੌਲ ਵਿੱਚ ਦਾਖ਼ਲ ਹੋ ਗਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਭਾਰਤ ਨੂੰ ਇਸ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਪ੍ਰੈੱਸ ਵਾਰਤਾ ‘ਚ ਕਿਹਾ ਹੈ ਕਿ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਕੈਨੇਡਾ ਦੇ ਦੋਸ਼ ਬਹੁਤ ਗੰਭੀਰ ਹਨ ਅਤੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਕੈਨੇਡਾ ਅਤੇ ਇਸ ਦੀ ਜਾਂਚ ਵਿੱਚ ਸਹਿਯੋਗ ਕਰੇ ਪਰ ਭਾਰਤ ਨੇ ਬਦਲਵਾਂ ਰਾਹ ਚੁਣਿਆ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ‘ਤੇ ਟਿੱਪਣੀ ਕੀਤੀ ਹੈ। ਪਿਛਲੇ ਸਾਲ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ‘ਚ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ ਤਾਂ ਓਦੋਂ ਵੀ ਅਮਰੀਕਾ ਨੇ ਭਾਰਤ ਦੀ ਪ੍ਰਤੀਕਿਰਿਆ ‘ਤੇ ਚਿੰਤਾ ਪ੍ਰਗਟਾਈ ਸੀ। ਉਸ ਸਮੇਂ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਸੀ। ਉਦੋਂ ਵੀ ਮੈਥਿਊ ਮਿਲਰ ਨੇ ਕਿਹਾ ਸੀ ਕਿ ਅਮਰੀਕਾ ਦਾ ਮੰਨਣਾ ਹੈ ਕਿ ਭਾਰਤ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਹੁਣ ਵੀ ਉਨਾਂ ਦੀ ਤਰਫੋਂ ਠੀਕ ਓਹੋ ਜਿਹਾ ਬਿਆਨ ਆਇਆ ਹੈ।