ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅਹਿਮ ਬੈਠਕ ਅੱਜ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋ ਰਹੀ ਹੈ ਜਿਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਸਬੰਧ ਵਿਚ ਫ਼ੈਸਲਾ ਹੋਣ ਦੀਆਂ ਚਰਚਾਵਾਂ ਹਨ। ਇਸ ਵਿਵਾਦਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਸਬੰਧੀ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਕਿਹਾ ਸੀ ਕਿ ਇਹ ਮਾਮਲਾ, ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਉਹਨਾਂ ਦਾ ਇਹ ਮੰਨਣਾ ਹੈ ਕਿ ਇਹ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਹੇਠ ਆਉਂਦਾ ਹੈ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਜਥੇਦਾਰ ਸਾਹਿਬ ਵਿਰੁਧ ਜਾਂਚ ਪੜਤਾਲ ਕਰ ਸਕਦੇ ਹਨ। ਇਸ ਦਰਮਿਆਨ ਧਿਆਨ ਦੇਣ ਵਾਲੀ ਗੱਲ ਇਹ ਵੀ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਇਸ ਵੇਲੇ ਵਿਦੇਸ਼ ਵਿਚ ਹਨ ਤੇ ਇਹ ਮੀਟਿੰਗ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿਚ ਹੋ ਰਹੀ ਹੈ।