ਚੰਡੀਗੜ੍ਹ/ਪੰਜਾਬ ਪੋਸਟ
ਲੰਮੇ ਸਮੇਂ ਤੋਂ ਲਟਕ ਰਹੀਆਂ ਪੰਜਾਬ ਦੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ ਇਸੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਚੋਣਾਂ ਦੇ ਐਲਾਨ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਦੀ ‘ਆਪ’ ਸਰਕਾਰ ਇਸ ਵਰ੍ਹੇ ਦੇ ਅਖੀਰ ਤੱਕ ਨਿਗਮ ਚੋਣਾਂ ਦਾ ਕੰਮ ਨੇਪਰੇ ਚਾੜ੍ਹਨਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਅੱਠ ਹਫ਼ਤਿਆਂ ਵਿਚ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅਹਿਮ ਸੂਤਰ ਦੱਸਦੇ ਹਨ ਕਿ ਚਾਲੂ ਹਫ਼ਤੇ ਦੇ ਅਖੀਰ ’ਚ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿਚ ਪੰਜ ਨਗਰ ਨਿਗਮਾਂ, 42 ਨਗਰ ਕੌਂਸਲਾਂ/ਨਗਰ ਪੰਚਾਇਤਾਂ ਤੋਂ ਇਲਾਵਾ ਦਰਜਨਾਂ ਕੌਂਸਲਾਂ ਦੇ 43 ਵਾਰਡਾਂ ਵਿਚ ਉਪ ਚੋਣ ਵੀ ਹੋਣੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ 22 ਨਵੰਬਰ ਨੂੰ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕਰਕੇ ਦਸੰਬਰ ਦੇ ਅਖੀਰ ਤੱਕ ਚੋਣਾਂ ਕਰਾਏ ਜਾਣ ਦੀ ਗੱਲ ਆਖੀ ਸੀ। ਰਾਜ ਚੋਣ ਕਮਿਸ਼ਨ ਵੱਲੋਂ ਹੁਣ ਇਸ ਦਾ ਐਲਾਨ ਕੀਤਾ ਜਾਣਾ ਹੈ। ਰਾਜ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਦਾ ਕਹਿਣਾ ਹੈ ਕਿ ਨਗਰ ਨਿਗਮ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕਰਨ ਦੀ ਤਿਆਰੀ ਚੱਲ ਰਹੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਮੁੱਖ ਆਗੂ ਅਮਨ ਅਰੋੜਾ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਇਤਿਹਾਸ ਦੇ ਸ਼ਹੀਦੀ ਹਫਤੇ ਨੂੰ ਵੇਖਦੇ ਹੋਏ ਹੀ ਚੋਣਾਂ ਦੀ ਤਰੀਕ ਤੈਅ ਕੀਤੀ ਜਾਵੇ।







