ਦਿੱਲੀ/ਪੰਜਾਬ ਪੋਸਟ
ਦਿੱਲੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ. ਕਵਿਤਾ ਸਮੇਤ ਸਾਰੇ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਆਬਕਾਰੀ ਨੀਤੀ ਬਣਾਉਣ ਵਿੱਚ ਕੋਈ ਅਪਰਾਧਿਕ ਸਾਜ਼ਿਸ਼ ਜਾਂ ਗਲਤ ਇਰਾਦਾ ਸਾਬਤ ਨਹੀਂ ਹੋਇਆ ਹੈ। ਅਦਾਲਤ ਨੇ ਸੀਬੀਆਈ ਦੀ ਜਾਂਚ ਦੀ ਨਿਸ਼ਾਨਦੇਹੀ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਵੱਲੋਂ ਪੇਸ਼ ਕੀਤੇ ਗਏ ਤੱਥ ਸਿਰਫ਼ ਅੰਦਾਜ਼ਿਆਂ ’ਤੇ ਅਧਾਰਤ ਸਨ ਅਤੇ ਕਿਸੇ ਵੀ ਮੁਲਜ਼ਮ ਵਿਰੁੱਧ ਕੋਈ ਪੁਖ਼ਤਾ ਸਬੂਤ ਨਹੀਂ ਮਿਲਿਆ। ਦੂਜੇ ਪਾਸੇ, ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੀਬੀਆਈ ਨੇ ਦਿੱਲੀ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਏਜੰਸੀ ਦੇ ਸੂਤਰਾਂ ਅਨੁਸਾਰ, ਅਦਾਲਤ ਦੇ ਫੈਸਲੇ ਵਿੱਚ ਜਾਂਚ ਦੇ ਕਈ ਅਹਿਮ ਪਹਿਲੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2022 ਵਿੱਚ ਐਲ-ਜੀ ਵੀ.ਕੇ. ਸਕਸੈਨਾ ਦੀ ਸ਼ਿਕਾਇਤ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਨਵੀਂ ਸ਼ਰਾਬ ਨੀਤੀ ਰਾਹੀਂ ਕਾਰਟੇਲਾਈਜ਼ੇਸ਼ਨ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਕੁਝ ਚੋਣਵੇਂ ਲੋਕਾਂ ਨੂੰ ਆਰਥਿਕ ਲਾਭ ਪਹੁੰਚਾਇਆ ਗਿਆ। ਹਾਲਾਂਕਿ, ਅਦਾਲਤ ਨੇ ਹੁਣ ਇਨ੍ਹਾਂ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਦਿੱਲੀ ਆਬਕਾਰੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਬਰੀ, ਸੀਬੀਆਈ ਵੱਲੋਂ ਦਿੱਲੀ ਹਾਈ ਕੋਰਟ ਜਾਣ ਦਾ ਫੈਸਲਾ

Published:






