ਦਿੱਲੀ/ਪੰਜਾਬ ਪੋਸਟ
ਪਹਿਲਾਂ ਤੋਂ ਚੱਲ ਰਹੀਆਂ ਕਿਆਸਰਾਈਆਂ ਮੁਤਾਬਕ, ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਮਰਲੇਨਾ ਨੂੰ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਐਲਾਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਅੱਜ ਸਰਬਸੰਮਤੀ ਨਾਲ ਕੇਜਰੀਵਾਲ ਦੇ ਜਾਨਸ਼ੀਨ ਵਜੋਂ ਆਤਿਸ਼ੀ ਦੇ ਨਾਂਅ ਉਤੇ ਸਹਿਮਤੀ ਪ੍ਰਗਟਾਈ ਹੈ। ਕੇਜਰੀਵਾਲ ਦੀ ਗੈਰ-ਮੌਜੂਦਗੀ ਵਿੱਚ ਆਤਿਸ਼ੀ ਹੀ ਪਾਰਟੀ ਦੇ ਨਾਲ-ਨਾਲ ਸਰਕਾਰ ਦਾ ਮੁੱਖ ਚਿਹਰਾ ਸਨ। ਦਿੱਲੀ ਦੇ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਦੱਸਿਆ ਕਿ ਕੇਜਰੀਵਾਲ ਵੱਲੋਂ ਅੱਜ ਸ਼ਾਮ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਆਤਿਸ਼ੀ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।