ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉਣ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੀ ਢਿੱਲਮੱਠ ਕਰਕੇ ਨਾ-ਮੁਆਫੀਯੋਗ ਜੁਰਮ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਲੋਕ ਅਜੇ ਵੀ ਆਜ਼ਾਦ ਫਿਰ ਰਹੇ ਹਨ। ਸੂਬੇ ਵਿੱਚ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਵੀ ਵਿਅਕਤੀ ਦੀ ਅਪਰਾਧ ਵਿੱਚ ਸ਼ਮੂਲੀਅਤ ਹੈ, ਉਸ ਨੂੰ ਗੁਨਾਹਾਂ ਦੀ ਕਰੜੀ ਸਜ਼ਾ ਦਿਵਾਈ ਜਾਵੇਗੀ।
ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ – ਮਾਨ
Published: