ਜਲੰਧਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਦਸ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੱਡਾ ਐਲਾਨ ਕਰਦੇ ਹੋਏ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਐਤਕੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਆਉਂਦੀ 28 ਅਕਤੂਬਰ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅਧਿਕਾਰਤ ਤੌਰ ਉੱਤੇ ਕਿਹਾ ਹੈ ਕਿ ਜਥੇਬੰਦੀ ਵੱਲੋਂ ਬੀਬੀ ਜਗੀਰ ਕੌਰ ਹੀ ਪ੍ਰਧਾਨਗੀ ਲਈ ਉਮੀਦਵਾਰ ਹੋਣਗੇ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਬੀਬੀ ਜਗੀਰ ਕੌਰ ਦੇ ਨਾਂਅ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਹਿਲਕਦਮੀ ਕਰਦਿਆਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ ਜਦਕਿ ਦੂਜੇ ਬੰਨੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤਨਖਾਹੀਆ’ ਐਲਾਨੇ ਜਾਣ ਕਾਰਨ ਪਹਿਲਾਂ ਵਾਂਗ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਫਿਲਹਾਲ ਖੁੱਲ੍ਹੇਆਮ ਮੁਲਾਕਾਤਾਂ ਨਹੀਂ ਕਰ ਸਕੇ ਅਤੇ ਇਸੇ ਕਰਕੇ ਉਨਾਂ ਦਾ ਧੜਾ ਇਸ ਵਾਰ ਉਮੀਦਵਾਰ ਦੇ ਐਲਾਨ ਉੱਤੇ ਸਮਾਂ ਲਾ ਰਿਹਾ ਲੱਗਦਾ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਉਮੀਦਵਾਰ ਐਲਾਨਿਆ
Published:






