ਨਵੀਂ ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਇਹ ਫੈਸਲਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹਾਲ ਹੀ ਵਿੱਚ ਕੀਤੇ ਦੌਰਿਆਂ ਤੋਂ ਬਾਅਦ ਆਇਆ ਹੈ। ਇਸ ਵੇਲੇ ਮਜੀਠੀਆ ਦੀ ਰਿਹਾਈ ਨੂੰ ਪੰਜਾਬ ਦੇ ਰਾਜਨੀਤਕ ਹਲਕਿਆਂ ਵਿੱਚ ਅਹਿਮ ਪੱਖ ਤੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਅਗਲੇ ਸਾਲ ਸੂਬੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਅਦਾਲਤ ਦੇ ਬੈਂਚ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ, ‘ਤੁਸੀਂ ਉਸ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।’ ਅਦਾਲਤ ਨੇ ਇਹ ਵੀ ਨੋਟਿਸ ਲਿਆ ਕਿ ਮਜੀਠਿਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ।






