ਅੰਮਿ੍ਰਤਸਰ/ਪੰਜਾਬ ਪੋਸਟ
ਦੇਸ਼ ਵਿੱਚ ਇਸ ਵੇਲੇ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ ਅਤੇ ਇਸੇ ਚੋਣ ਪ੍ਰਕਿਰਿਆ ਤਹਿਤ ਅੱਜ ਪੰਜਵੇਂ ਗੇੜ ਦੀ ਪੋਲਿੰਗ ਹੋ ਰਹੀ ਹੈ। ਇਸੇ ਦਰਮਿਆਨ ਪੰਜਾਬ ਵਿੱਚ ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਵੀ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ ਅਤੇ ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਵੀ ਸਰਗਰਮ ਅੰਦਾਜ਼ ਵਿੱਚ ਚੋਣ ਮੈਦਾਨ ਅੰਦਰ ਆਪਣੀ ਹਾਜ਼ਰੀ ਲਵਾ ਰਹੇ ਹਨ। ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੇ ਸਾਰੇ ਉਮੀਦਵਾਰਾਂ ਵਿੱਚੋਂ ਖਾਸ ਨਜ਼ਰਾਂ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲ ਲੱਗੀਆਂ ਹੋਈਆਂ ਹਨ ਕਿਉਂਕਿ ਉਨਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸਮਾਜ ਦੇ ਸਾਰੇ ਵਰਗ ਉਨਾਂ ਦੇ ਚੋਣ ਪ੍ਰਚਾਰ ਆਯੋਜਨਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਸੋਸ਼ਲ ਮੀਡੀਆ ਜ਼ਰੀਏ ਆਪਣੇ ਤਾਜ਼ਾ ਬਿਆਨ ਵਿੱਚ ਉਨਾਂ ਇਸ ਗੱਲ ਦਾ ਉਚੇਚਾ ਜ਼ਿਕਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਸੱਤਾਧਾਰੀ ਧਿਰ ਭਾਰਤੀ ਜਨਤਾ ਪਾਰਟੀ ਨੇ ਸਿੱਖ ਕੌਮ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਅਤੇ ਸਿੱਖ ਕੌਮ ਦੀ ਸਮੁੱਚੀ ਬਿਹਤਰੀ ਲਈ ਲਗਾਤਾਰ ਕੰਮ ਕੀਤੇ ਹਨ। ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾਵਾਂ ਨਿਭਾਉਣ ਵੇਲੇ ਦੇ ਤਜਰਬੇ ਸਾਂਝੇ ਕਰਦੇ ਹੋਏ ਤਰਨਜੀਤ ਸਿੰਘ ਸੰਧੂ ਨੇ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਬਿਆਨ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਮੌਜੂਦਾ ਹੁਕਮਰਾਨ ਸਿੱਖ ਕੌਮ ਦੀ ਇਸ ਦੇਸ਼ ਪ੍ਰਤੀ ਦੇਣ ਨੂੰ ਬਾਖੂਬੀ ਸਮਝਦੇ ਹਨ ਅਤੇ ਉਸੇ ਆਧਾਰ ਉੱਪਰ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਨ ਲਈ ਯਤਨਸ਼ੀਲ ਹਨ। ਉਨਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਪਿਛਲੇ ਸਮਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਕੌਮ ਨਾਲ ਸਬੰਧਤ ਵੱਖ-ਵੱਖ ਇਤਿਹਾਸਿਕ ਦਿਹਾੜਿਆਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਅਤੇ ਸਮੁੱਚੀ ਦੁਨੀਆਂ ਵਿੱਚ ਉਨ੍ਹਾਂ ਦੀ ਅਹਿਮੀਅਤ ਨੂੰ ਵੀ ਰੂਪਮਾਨ ਕੀਤਾ ਹੈ।
ਸਿੱਖ ਕੌਮ ਪ੍ਰਤੀ ਵਚਨਬੱਧ ਹਨ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ – ਤਰਨਜੀਤ ਸਿੰਘ ਸੰਧੂ

Published: