ਚੰਡੀਗੜ੍ਹ/ਪੰਜਾਬ ਪੋਸਟ
ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈ ਇੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਮੋਰਚਾ ਦੀਆਂ ਆਗੂਆਂ ਨੇ ‘ਆਪ’ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਲਈ ਘੇਰਾ ਬੰਦੀ ਕੀਤੀ। ਇਸ ਦੌਰਾਨ ਜਦ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਘਿਰਾਓ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਦੂਰੀ ਤੇ ਹੀ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਖਿੱਚ ਧੂਹ ਵੀ ਹੋਈ ਅਤੇ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।







