ਮੋਗਾ/ਪੰਜਾਬ ਪੋਸਟ
ਪੰਜਾਬ ਦੀ ਸਿਆਸਤ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲ ਵਿਖੇ ਇੱਕ ਵਿਸ਼ਾਲ ‘ਬਦਲਾਅ ਰੈਲੀ’ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਤੌਰ ‘ਤੇ ਸੰਬੋਧਨ ਕਰਨਗੇ। ਇਸ ਸਮਾਗਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਚੋਣ ਬਿਗੁਲ ਵਜੋਂ ਦੇਖਿਆ ਜਾ ਰਿਹਾ ਹੈ। ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਰਣਨੀਤੀ ਤਹਿਤ ਇਸ ਰੈਲੀ ਰਾਹੀਂ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰ ਰਹੀ ਹੈ। ਅਮਿਤ ਸ਼ਾਹ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਆਗੂ ਸਟੇਜ ‘ਤੇ ਮੌਜੂਦ ਰਹਿਣਗੇ। ਪਾਰਟੀ ਦਾ ਦਾਅਵਾ ਹੈ ਕਿ ਇਸ ਰੈਲੀ ਵਿੱਚ ਪੂਰੇ ਪੰਜਾਬ ਤੋਂ 1 ਲੱਖ ਤੋਂ ਵੱਧ ਲੋਕ ਸ਼ਮੂਲੀਅਤ ਕਰਨਗੇ, ਜਿਸ ਲਈ 3,700 ਤੋਂ ਵੱਧ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅਮਿਤ ਸ਼ਾਹ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਦੀ ਸਮੱਸਿਆ ਅਤੇ ਕਿਸਾਨੀ ਮੁੱਦਿਆਂ ‘ਤੇ ਸੱਤਾਧਾਰੀ ‘ਆਪ’ ਸਰਕਾਰ ਨੂੰ ਘੇਰਨ ਦੀ ਪੂਰੀ ਸੰਭਾਵਨਾ ਹੈ। ਰੈਲੀ ਵਾਲੀ ਥਾਂ ‘ਤੇ ਲਗਭਗ 84 ਏਕੜ ਰਕਬੇ ਵਿੱਚ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ 22 ਏਕੜ ਦਾ ਪੰਡਾਲ ਅਤੇ 54 ਏਕੜ ਪਾਰਕਿੰਗ ਲਈ ਰਾਖਵੀਂ ਰੱਖੀ ਗਈ ਹੈ। ਦੂਜੇ ਪਾਸੇ, ਕੁਝ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਯੂਨੀਅਨਾਂ ਵੱਲੋਂ ਅਮਰੀਕਾ-ਭਾਰਤ ਵਪਾਰ ਡੀਲ ਅਤੇ ਐੱਮ.ਐੱਸ.ਪੀ. ਵਰਗੇ ਮੁੱਦਿਆਂ ਨੂੰ ਲੈ ਕੇ ਇਸ ਰੈਲੀ ਦਾ ਵਿਰੋਧ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਮੋਗਾ ‘ਚ ਭਾਜਪਾ ਦੀ ‘ਬਦਲਾਅ ਰੈਲੀ’ ਅੱਜ; ਅਮਿਤ ਸ਼ਾਹ ਕਰਨਗੇ ਮਿਸ਼ਨ 2027 ਦਾ ਆਗਾਜ਼
Published:






