ਲੁਧਿਆਣਾ/ਪੰਜਾਬ ਪੋਸਟ
ਪੰਜਾਬ ਵਿੱਚ ਅੱਜ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ। ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਜਾਮ ਕਰ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ ਅਤੇ ਉਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਸੰਚਾਲਨ ਮੁਕੰਮਲ ਤੌਰ ‘ਤੇ ਠੱਪ ਕਰ ਦਿੱਤਾ ਜਾਵੇਗਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਨੌਕਰੀਆਂ ਪੱਕੇ ਕਰਨ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਈ ਵਾਰ ਭਰੋਸਾ ਦਿੱਤਾ ਹੈ, ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਅਧਿਕਾਰੀਆਂ ਅਨੁਸਾਰ ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਸਰਕਾਰ ਸਿਰਫ਼ ਭਰੋਸਾ ਹੀ ਦੇ ਰਹੀ ਹੈ। ਹੁਣ ਅਸੀਂ ਫ਼ੈਸਲਾ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੰਨ ਦਿਨਾਂ ਲਈ ਬੱਸਾਂ ਦਾ ਸੰਚਾਲਨ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।