ਚੰਡੀਗੜ੍ਹ/ਪੰਜਾਬ ਪੋਸਟ
ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ‘ਪ੍ਰਧਾਨ ਮੰਤਰੀ ਸੜਕ ਯੋਜਨਾ’ ਦਾ ਕਰੀਬ 800 ਕਰੋੜ ਰੁਪਏ ਦਾ ਪ੍ਰਾਜੈਕਟ ਰੱਦ ਕਰ ਦਿੱਤਾ ਹੈ ਜੋਕਿ ਪੰਜਾਬ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਦੇ ਪਹਿਲਾਂ ਹੀ ਕੇਂਦਰ ਨੇ ਕਰੋੜਾਂ ਰੁਪਏ ਦੇ ਪੇਂਡੂ ਵਿਕਾਸ ਫ਼ੰਡ ਰੋਕੇ ਹੋਏ ਹਨ। ਪ੍ਰਧਾਨ ਮੰਤਰੀ ਸੜਕ ਯੋਜਨਾ-3 ਪ੍ਰਾਜੈਕਟ ਤਹਿਤ ਪੰਜਾਬ ਵਿੱਚ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 38 ਪੁਲ ਬਣਨੇ ਸਨ ਅਤੇ ਇਨ੍ਹਾਂ ਸੜਕਾਂ ਦੀ ਲੰਬਾਈ 628.48 ਕਿਲੋਮੀਟਰ ਬਣਦੀ ਹੈ। ਪੰਜਾਬ ’ਚ ਇਸ ਪ੍ਰਾਜੈਕਟ ਤਹਿਤ ਵਾਤਾਵਰਣ ਅਨੁਕੂਲ ਨਵੀਂ ਤਕਨਾਲੋਜੀ (ਐੱਫਡੀਆਰ) ਨਾਲ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 15 ਮੀਟਰ ਤੋਂ ਵੱਧ ਲੰਬਾਈ ਦੇ 38 ਪੁਲ ਬਣਨੇ ਸਨ। ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ 11 ਜੁਲਾਈ ਨੂੰ ਲਿਖੇ ਪੱਤਰ ’ਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਡਰਾਪ ਕੀਤਾ ਜਾਂਦਾ ਹੈ।







