ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ ਪਰ ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਪੂਰੀ ਹੋ ਗਈ। ਇਸ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ 11 ਜੁਲਾਈ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ ਪਰ ਸੈਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨਾਂ ਨੂੰ ਅਜੇ ਤੱਕ ਬਿੱਲ ਦੀ ਕੋਈ ਕਾਪੀ ਨਹੀਂ ਮਿਲੀ ਹੈ ਜੋ ਕੱਲ੍ਹ ਲਿਆਂਦਾ ਜਾਣਾ ਹੈ।






