ਚੰਡੀਗੜ੍ਹ/ਪੰਜਾਬ ਪੋਸਟ
ਸਮੁੱਚੇ ਉੱਤਰੀ ਭਾਰਤ ਵਿੱਚ ਇਸ ਵੇਲੇ ਧੁਆਂਖੀ ਧੁੰਦ ਦਾ ਆਲਮ ਲਗਾਤਾਰ ਜਾਰੀ ਹੈ ਅਤੇ ਰਾਜਧਾਨੀ ਚੰਡੀਗੜ੍ਹ ’ਚ ਹਵਾ ਏਕਿਊਆਈ ਔਸਤਨ 427 ਨਾਲ ਬੀਤੇ ਦਿਨ ਦੇਸ਼ ਵਿੱਚ ਸਭ ਤੋਂ ਵੱਧ ਗੰਧਲੀ ਰਹੀ ਹੈ। ਚੰਡੀਗੜ੍ਹ ਦੀਆਂ ਸੜਕਾਂ ’ਤੇ ਸਾਰਾ ਦਿਨ ਧੁਆਂਖੀ ਧੁੰਦ ਪਸਰੀ ਰਹੀ ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦਰਮਿਆਨ, ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਧਦੇ ਹਵਾ ਪ੍ਰਦੂਸ਼ਣ ਨੂੰ ਧਿਆਨ ’ਚ ਰਖਦਿਆਂ ਸ਼ਹਿਰ ਦੇ ਸਕੂਲ ਬੰਦ ਕਰਨ ਦੀ ਮੰਗ ਕੀਤੀ ਹੈ। ਓਧਰ, ਕੌਮੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਕਲਾਸ ਤੱਕ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ’ਤੇ ਰੋਕ ਲਗਾਉਣ ਦੇ ਉਪਾਵਾਂ ਨੂੰ ਲਾਗੂ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ 18 ਨਵੰਬਰ ਲਈ ਤਤਕਾਲ ਸੂਚੀਬੱਧ ਕਰਨ ’ਤੇ ਸਹਿਮਤੀ ਜਤਾਈ ਹੈ। ਅਦਾਲਤ ਨੂੰ ਅਪੀਲ ਕੀਤੀ ਗਈ ਕਿ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਨਾ ਬਣ ਜਾਵੇ ਇਸ ਲਈ ਪਟੀਸ਼ਨ ਨੂੰ ਤਤਕਾਲ ਸੂਚੀਬੱਧ ਕੀਤਾ ਜਾਵੇ ਅਤੇ ਇਸ ਮਗਰੋਂ ਅਦਾਲਤ ਨੇ ਦਿੱਲੀ ਵਿੱਚ ਪ੍ਰਦੂਸ਼ਣ ਨਾਲ ਸਬੰਧਿਤ ਪਟੀਸ਼ਨ ’ਤੇ 18 ਨਵੰਬਰ ਨੂੰ ਸੁਣਵਾਈ ਕਰਨ ’ਤੇ ਸਹਿਮਤੀ ਜਤਾਈ ਹੈ।