ਖੰਨਾ/ ਪੰਜਾਬ ਪੋਸਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਸੂਬੇ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਬੁਰਾਈਆਂ ਪ੍ਰਤੀ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਅੰਦਰ ਭ੍ਰਿਸ਼ਟ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਸਿੰਘ ਮਾਨ ਨੇ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਪੰਜਾਬ ਦੇ ਸ਼ਹੀਦਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤਾ ਸੀ। ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਨੇ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ।
ਪੰਜਾਬ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮਾਨ

Published: