ਕੈਲੀਫੋਰਨੀਆ/ਪੰਜਾਬ ਪੋਸਟ
ਅਮਰੀਕਾ ਵਿੱਚ ਵਾਪਰੇ ਇੱਕ ਟਰੱਕ ਹਾਦਸੇ ਨੇ ਕਮਰਸ਼ੀਅਲ ਡਰਾਈਵਰ ਲਾਇਸੈਂਸ ਜਾਰੀ ਕਰਨ ਸਬੰਧੀ ਵੱਡੇ ਵੱਧਰ ’ਤੇ ਬਹਿਸ ਛੇੜ ਦਿੱਤੀ ਹੈ। ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਬਾਅਦ ਯੂਬਾ ਸਿਟੀ ਦੇ 21 ਸਾਲਾ ਭਾਰਤੀ ਮੂਲ ਦੇ ਜਸ਼ਨਪ੍ਰੀਤ ਸਿੰਘ ਨੂੰ ਕਥਿਤ ਤੌਰ ’ਤੇ ਨਸ਼ੇ ਦੇ ਪ੍ਰਭਾਵ ਹੇਠ ਗੱਡੀ ਚਲਾਉਂਦੇ ਹੋਏ ਇੱਕ ਜਾਨਲੇਵਾ ਹਾਦਸੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹਾਦਸਾ ਕੈਲੀਫੋਰਨੀਆ ਦੇ 10 ਫ੍ਰੀਵੇਅ’ਤੇ ਓਂਟਾਰੀਓ ਵਿਖੇ ਵਾਪਰਿਆ। ਰਿਪੋਰਟਾਂ ਅਨੁਸਾਰ ਇਸ ਵੱਡੀ ਟੱਕਰ ਦੇ ਨਤੀਜੇ ਵਜੋਂ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਚਾਰ ਹੋਰ ਜ਼ਖਮੀ ਹੋ ਗਏ। ਕੈਲੀਫੋਰਨੀਆ ਹਾਈਵੇਅ ਪੈਟਰੋਲ ਅਨੁਸਾਰ ਜਸ਼ਨ ਇੱਕ ਤੇਜ਼ ਰਫ਼ਤਾਰ ਟਰੱਕ ਚਲਾ ਰਿਹਾ ਸੀ ਅਤੇ ਭੀੜ ਕਾਰਨ ਹੌਲੀ ਚੱਲ ਰਹੇ ਟਰੈਫਿਕ ਨਾਲ ਟਕਰਾਉਣ ਤੋਂ ਪਹਿਲਾਂ ਬਰੇਕ ਲਗਾਉਣ ਵਿੱਚ ਅਸਫਲ ਰਿਹਾ। ਸਿੰਘ ਨੂੰ ਰੈਂਚੋ ਕੁਕਾਮੋਂਗਾ ਵਿਖੇ ਵੈਸਟ ਵੈਲੀ ਡਿਟੈਂਸ਼ਨ ਸੈਂਟਰ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ’ਤੇ ਵਾਹਨ ਨਾਲ ਕਤਲ ਅਤੇ ਨਸ਼ੇ ਦੇ ਪ੍ਰਭਾਵ ਹੇਠ ਗੱਡੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਵ੍ਹਾਈਟ ਹਾਊਸ ਦੀ ਇੱਕ ਬ੍ਰੀਫਿੰਗ ਵਿੱਚ ਪ੍ਰੈਸ ਸਕੱਤਰ ਕੈਰੋਲਿਨ ਲੀਵਿਟ ਨੇ ਅਣਅਧਿਕਾਰਤ ਪ੍ਰਵਾਸੀਆਂ ਨੂੰ ਕਮਰਸ਼ੀਅਲ ਡਰਾਈਵਰ ਲਾਇਸੈਂਸ ਜਾਰੀ ਕਰਨ ਨੂੰ ‘ਪਰੇਸ਼ਾਨ ਕਰਨ ਵਾਲਾ’ ਦੱਸਿਆ। ਉਨ੍ਹਾਂ ਪੁਸ਼ਟੀ ਕੀਤੀ ਕਿ ਕੈਲੀਫ਼ੋਰਨੀਆ ਨੇ ਸਿੰਘ ਨੂੰ ਇੱਕ ਡਰਾਈਵਰ ਲਾਇਸੈਂਸ ਦਿੱਤਾ ਸੀ ਅਤੇ ਕਿਹਾ ਕਿ ਡਿਪਾਰਟਮੈਂਟ ਆਫ਼ ਟਰਾਂਸਪੋਰਟੇਸ਼ਨ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।






