ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਪੁਲੀਸ ਨੇ ਲੱਦਾਖ ਲਈ ਵਧੇਰੇ ਹੱਕਾਂ ਵਾਸਤੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਅਤੇ ਉਨ੍ਹਾਂ ਦੇ 120 ਸਾਥੀਆਂ ਨੂੰ ਲੇਹ ਤੋਂ ਦਿੱਲੀ ਤੱਕ ਪੈਦਲ ਮਾਰਚ ਕਰਦੇ ਸਮੇਂ ਸਿੰਘੂ ਬਾਰਡਰ ਤੋਂ ਹਿਰਾਸਤ ਵਿੱਚ ਲੈ ਲਿਆ। ਵਾਂਗਚੁਕ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਖ-ਵੱਖ ਪੁਲੀਸ ਥਾਣਿਆਂ ਵਿੱਚ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਹਿਰਾਸਤ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਵਾਂਗਚੁਕ ਅਤੇ ਉਸ ਦੇ ਸਾਥੀ ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਉਨ੍ਹਾਂ ਇੱਕ ਮਹੀਨਾ ਪਹਿਲਾਂ ‘ਦਿੱਲੀ ਚੱਲੋ ਪਦਯਾਤਰਾ’ ਲੇਹ ਤੋਂ ਸ਼ੁਰੂ ਕੀਤੀ ਸੀ ਅਤੇ ਹੁਣ ਦਿੱਲੀ ਪਹੁੰਚਣ ਉਪਰੰਤ ਉਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।