ਫਲੋਰਿਡਾ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਅਤੇ ਰੂਸ ਇੱਕ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਕਰੀਬ ਹਨ। ਫਲੋਰਿਡਾ ਸਥਿਤ ਆਪਣੇ ਰਿਜ਼ੋਰਟ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਦੀ ਮੇਜ਼ਬਾਨੀ ਕਰਦਿਆਂ ਟਰੰਪ ਨੇ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਉਨ੍ਹਾਂ ਦੀ ਢਾਈ ਘੰਟੇ ਲੰਬੀ ਸ਼ਾਨਦਾਰ ਫ਼ੋਨ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੁਤਿਨ ਜੰਗ ਖ਼ਤਮ ਕਰਨਾ ਚਾਹੁੰਦੇ ਹਨ। ਹਾਲਾਂਕਿ, ਟਰੰਪ ਨੇ ਇਹ ਵੀ ਸਵੀਕਾਰ ਕੀਤਾ ਕਿ ਗੱਲਬਾਤ ਕਾਫ਼ੀ ਗੁੰਝਲਦਾਰ ਹੈ ਅਤੇ ਡੌਨਬਾਸ ਖੇਤਰ ਦੇ ਕਬਜ਼ੇ ਤੇ ਸੁਰੱਖਿਆ ਗਾਰੰਟੀ ਵਰਗੇ ਕਈ ਅਹਿਮ ਮੁੱਦਿਆਂ ‘ਤੇ ਅਜੇ ਵੀ ਪੇਚ ਫਸਿਆ ਹੋਇਆ ਹੈ, ਜਿਸ ਕਾਰਨ ਗੱਲਬਾਤ ਕਿਸੇ ਵੀ ਸਮੇਂ ਟੁੱਟ ਸਕਦੀ ਹੈ। ਜੇਲੇਂਸਕੀ ਨੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਕਰੇਨ ਸ਼ਾਂਤੀ ਲਈ ਤਿਆਰ ਹੈ,ਪਰ ਰੂਸ ਨਾਲ ਕਈ ਮੁੱਦਿਆਂ ‘ਤੇ ਵੱਖੋ-ਵੱਖਰੇ ਵਿਚਾਰ ਬਰਕਰਾਰ ਹਨ।







