ਦਿੱਲੀ/ਪੰਜਾਬ ਪੋਸਟ
ਲੋਕ ਸਭਾ ਵਿਚ ਪਟਿਆਲਾ ਦੇ ਕਾਂਗਰਸੀ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਹੋਇਆ ਕਿਹਾ ਕਿ, ‘ਇਸ ਵਾਰ ਦੇ ਬਜਟ ਵਿਚ ਕਿਸਾਨਾਂ ਦੇ ਲਈ ਕੁਝ ਨਹੀਂ ਹੈ। ਹਰ ਸਾਲ ਦੇਸ਼ ਦੇ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰਦੇ ਹਨ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ’। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਅਤੇ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਲਗਾਤਾਰ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਕਰਜ਼ੇ ਵਿਚ ਡੋਬ ਰਹੀ ਹੈ। ਖੇਤੀ ਸੈਕਟਰ ਨੂੰ ਛੱਡ ਕੇ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜਟ ਬਣਾਉਣ ਸਮੇਂ ਰਾਜਾਂ ਨਾਲ ਕੇਂਦਰ ਸਰਕਾਰ ਚਰਚਾ ਨਹੀਂ ਕਰਦੀ, ਇਹ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਡਾ: ਧਰਮਵੀਰ ਗਾਂਧੀ ਨੇ ਦੋਸ਼ ਲਾਇਆ ਕਿ ਬਜਟ ਕਮਰਿਆਂ ਵਿਚ ਬੈਠ ਕੇ ਬਣਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਜਟ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾਵੇ ਕਿ ਸਾਰੇ ਲੋਕਾਂ ਨੂੰ ਰਾਹਤ ਮਿਲ ਸਕੇ।






