ਨਵੀਂ ਦਿੱਲੀ/ਪੰਜਾਬ ਪੋਸਟ
ਕੇਂਦਰ ਨੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੇ ਹਥਿਆਰਬੰਦ ਸੁਰੱਖਿਆ ਘੇਰੇ ਨੂੰ ਸਮੀਖਿਆ ਤੋਂ ਬਾਅਦ ਜ਼ੈੱਡ ਸ਼੍ਰੇਣੀ ਤੱਕ ਘਟਾ ਦਿੱਤਾ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਹੋਣ ਕਾਰਨ ਉਨ੍ਹਾਂ ਨੂੰ ਚੋਟੀ ਦੀ ਜ਼ੈੱਡ-ਪਲੱਸ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਤਹਿਤ ਰੱਖਿਆ ਗਿਆ ਸੀ। ਗ਼ੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ 26 ਦਸੰਬਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਕੇਂਦਰੀ ਖੁਫੀਆ ਏਜੰਸੀਆਂ ਦੁਆਰਾ ਗੁਰਸ਼ਰਨ ਕੌਰ ਦੀ ਸੁਰੱਖਿਆ ਦੀ ਤਾਜ਼ਾ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਦੂਜੇ ਪੱਧਰ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਅਧੀਨ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਗੁਰਸ਼ਰਨ ਕੌਰ ਲਈ ਜ਼ੈੱਡ ਸ਼੍ਰੇਣੀ ਦੇ ਅਨੁਸਾਰ ਕਰਮਚਾਰੀਆਂ ਦੀ ਗਿਣਤੀ ਅਤੇ ਪ੍ਰੋਟੋਕੋਲ ਨੂੰ ਘਟਾਉਣ ਦੇ ਨਿਰਦੇਸ਼ ਦਿੱਤੇ ਹਨ।