*ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀਆਂ ਦੇ ਦਫਤਰ ਵੀ ਖੰਗਾਲੇ
ਲੁਧਿਆਣਾ/ਪੰਜਾਬ ਪੋਸਟ
ਈਡੀ ਦੀ ਟੀਮ ਨੇ ਲੁਧਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਮੰਨੇ ਜਾਂਦੇ ਕਾਰੋਬਾਰੀ ਹੇਮੰਤ ਸੂਦ ਦੇ ਦਫ਼ਤਰਾਂ ਅਤੇ ਘਰਾਂ ਵਿੱਚ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਈਡੀ ਨੇ ਹੈਪਟਨਸ ਹੋਮ ਦੇ ਮਾਲਕ ਤੇ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਦੀਆਂ ਕਈ ਪ੍ਰਾਪਰਟੀਆਂ ਦੇ ਰਿਕਾਰਡ ਨੂੰ ਵੀ ਕਬਜ਼ੇ ਵਿੱਚ ਲਿਆ ਹੈ। ਸਾਬਕਾ ਮੰਤਰੀ ਆਸ਼ੂ ਨੂੰ ਈਡੀ ਨੇ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਹੇਮੰਤ ਸੂਦ, ਭਾਰਤ ਭੂਸ਼ਣ ਆਸ਼ੂ ਦੇ ਕਾਫ਼ੀ ਕਰੀਬੀ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਕੀਤੀ ਗਈ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਵੀ ਹੇਮੰਤ ਸੂਦ ਨੂੰ ਕਈ ਵਾਰ ਪੁੱਛ ਗਿੱਛ ਲਈ ਬੁਲਾਇਆ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਦੋਵਾਂ ਦੇ ਖਾਤਿਆਂ ਵਿੱਚ ਵਿਦੇਸ਼ੀ ਲੈਣ-ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਛਾਪੇਮਾਰੀ ਸਬੰਧੀ ਫਿਲਹਾਲ ਈਡੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।