ਚੰਡੀਗੜ੍ਹ/ਪੰਜਾਬ ਪੋਸਟ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਅੱਜ ਮੋਰਚੇ ਦੇ ਪਹਿਲੇ ਦਿਨ ਸੈਂਕੜੇ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਤੇ ਸਾਬਕਾ ਸੈਨਿਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਪਹਿਲੇ ਦਿਨ ਹੀ ਟਰੈਕਟਰਾਂ ਟਰਾਲੀਆਂ ,ਬੱਸਾਂ ਤੇ ਗੱਡੀਆਂ ਰਾਹੀਂ ਵੱਡੇ ਪੱਧਰ ਤੇ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧਾਂ ਨੂੰ ਦੇਖਦਿਆਂ ਇਸ ਮੋਰਚੇ ਦੀ ਲੰਬੀ ਤਿਆਰੀ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਅੱਜ ਸ਼ੁਰੂ ਹੋਏ ਧਰਨੇ ਚ ਜੁੜੇ ਭਰਵੇਂ ਇਕੱਠ ਨੂੰ ਬੀਕੇਯੂ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਸ਼ਿੰਗਾਰਾ ਸਿੰਘ ਮਾਨ ਮਹਿਲਾ ਔਰਤ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਐਲਾਨ ਕੀਤਾ ਕਿ ਕੱਲ੍ਹ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਕੇ ਖੇਤੀ ਨੀਤੀ ਸਮੇਤ ਹੋਰ ਭਖਦੀਆਂ ਕਿਸਾਨ ਮਜ਼ਦੂਰ ਮੰਗਾਂ ਦਾ ਯਾਦ ਪੱਤਰ ਮੁੱਖ ਮੰਤਰੀ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪਣਗੇ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਹਾਂ ਜਥੇਬੰਦੀਆਂ ਨਾਲ਼ ਮੀਟਿੰਗ ਰੱਦ ਕਰਨ ਦੇ ਫੈਸਲੇ ਤੇ ਟਿੱਪਣੀ ਕਰਦਿਆਂ ਆਖਿਆ ਇਸ ਕਦਮ ਨਾਲ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਉਹਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਮੋਰਚੇ ਨੂੰ ਸਾਬੋਤਾਜ ਕਰਨ ਦੀ ਖੋਟੀ ਨੀਅਤ ‘ਚੋਂ ਦਿੱਤਾ ਗਿਆ ਸੀ। ਉਹਨਾਂ ਆਖਿਆ ਕਿ ਚੰਡੀਗੜ੍ਹ ਦੇ 34 ਸੈਕਟਰ ‘ਚ ਮੋਰਚਾ ਲਾਉਣ ਲਈ ਥਾਂ ਹਾਸਿਲ ਕਰਨਾ ਉਹਨਾਂ ਦੇ ਮੋਰਚੇ ਦੀ ਪਹਿਲੀ ਜਿੱਤ ਹੈ।