(ਪਟਿਆਲਾ/ਪੰਜਾਬ ਪੋਸਟ)ਦਿਵਾਲੀ ਅਤੇ ਤਿਓਹਾਰਾਂ ਦੇ ਸੀਜ਼ਨ ਮੌਕੇ ਐਤਕੀਂ ਕਿਸਾਨਾਂ ਦੇ ਘਰਾਂ ’ਚ ਸੁੱਖਾਂ ਦੇ ਦੀਪ ਬਲਦੇ ਹੋਏ ਨਜ਼ਰ ਨਹੀਂ ਆ ਰਹੇ ਕਿਉਂਕਿ ਇਸ ਖ਼ੁਸ਼ੀ ਦੇ ਤਿਉਹਾਰ ਮੌਕੇ ਕਿਸਾਨ ਮੰਡੀਆਂ ’ਚ ਬੈਠਾ ਹੈ। ਕਿਸਾਨ ਇਸ ਗੱਲੋਂ ਔਖ ’ਚ ਏ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਖੱਜਲ ਹੋਣਾ ਪੈ ਰਿਹਾ ਹੈ ਅਤੇ ਉੱਪਰੋਂ ਝੋਨੇ ਦਾ ਝਾੜ ਵੀ ਦਸ ਫ਼ੀਸਦ ਤੱਕ ਘੱਟ ਗਿਆ ਹੈ। ਹਾੜ੍ਹੀ ਦੀ ਫ਼ਸਲ ਲਈ ਡੀਏਪੀ ਮਿਲੇਗੀ ਜਾਂ ਨਹੀਂ, ਇਸ ਸੁਆਲ ਨੇ ਵੀ ਕਿਸਾਨਾਂ ਦਾ ਚੈਨ ਖੋਹ ਲਿਆ ਹੈ। ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਤੋਂ ਪਤਾ ਲੱਗਿਆ ਏ ਕਿ ਫ਼ਸਲ ਦਾ ਝਾੜ 67 ਕੁਇੰਟਲ ਪ੍ਰਤੀ ਹੈਕਟੇਅਰ ਤੋਂ ਘਟ ਕੇ 64 ਕੁਇੰਟਲ ਪ੍ਰਤੀ ਹੈਕਟੇਅਰ ਰਹਿ ਗਿਆ ਹੈ। ਇਸ ਤਰਾਂ, ਝੋਨੇ ਦੇ ਝਾੜ ’ਚ ਕਟੌਤੀ ਹੋਣ ਕਰਕੇ ਪ੍ਰਤੀ ਹੈਕਟੇਅਰ ਪਿੱਛੇ ਕਿਸਾਨਾਂ ਨੂੰ 6960 ਰੁਪਏ ਦਾ ਨੁਕਸਾਨ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਝੋਨੇ ਦਾ ਝਾੜ ਚਾਰ ਕੁਇੰਟਲ ਤੱਕ ਘਟਣ ਕਰਕੇ ਕਿਸਾਨਾਂ ਨੂੰ ਆਰਥਕ ਸੱਟ ਵੱਜੀ ਏ। ਕਿਸਾਨਾਂ ਤੋਂ ਪਤਾ ਲੱਗਿਆ ਹੈ ਕਿ ਉਹ ਪ੍ਰਤੀ ਕੁਇੰਟਲ 200 ਰੁਪਏ ਦਾ ਘਾਟਾ ਪਾ ਕੇ ਫ਼ਸਲ ਵੇਚ ਰਹੇ ਨੇ ਕਿਉਂਕਿ ਕਈ ਅਜਿਹੇ ਖ਼ਿੱਤੇ ਹਨ ਜਿਨਾਂ ਵਿਚ ਹਾਈਬ੍ਰਿਡ ਕਿਸਮਾਂ ਦੀ ਜ਼ਿਆਦਾ ਬਿਜਾਂਦ ਹੋਈ ਹੈ







