ਪਟਿਆਲਾ/ਪੰਜਾਬ ਪੋਸਟ
ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ਿਆਂ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਕਿਸਾਨ ਧਿਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਪੱਕਾ ਮੋਰਚਾ ਲਾਉਂਦੇ ਹੋਏ ਇਹ ਪਲਾਜ਼ੇ ਅਣਮਿੱਥੇ ਸਮੇਂ ਲਈ ਪਰਚੀ ਮੁਕਤ ਕਰਵਾ ਦਿੱਤੇ ਹਨ। ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋ ਰਹੇ ਹਨ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਝੋਨੇ ਦੀ ਐੱਮਐੱਸਪੀ ‘ਤੇ ਨਿਰਵਿਘਨ ਖਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਦੀ ਵੀ ਪੂਰਤੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਇਸੇ ਕਰਕੇ ਉਨਾਂ ਵੱਲੋਂ ਕਾਰਪੋਰੇਟਾਂ ਦੇ ਟੋਲ ਪਲਾਜ਼ੇ ਜਾਮ ਕੀਤੇ ਗਏ ਹਨ ਅਤੇ ਉਨਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਂਦੇ ਦਿਨਾਂ ਦੌਰਾਨ ਰੋਸ ਪ੍ਰਦਰਸ਼ਨ ਦਾ ਦਾਇਰਾ ਹੋਰ ਵੀ ਵਧ ਸਕਦਾ ਹੈ ।