ਗੁਰੂਗ੍ਰਾਮ/ਪੰਜਾਬ ਪੋਸਟ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ‘ਤੇ ਅੱਜ ਥੋੜੀ ਦੇਰ ਪਹਿਲਾਂ ਦੇਹਾਂਤ ਹੋ ਗਿਆ। ਉਹ 89 ਸਾਲਾਂ ਦੇ ਸਨ। ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ ਪੁੱਤਰ ਓਮ ਪ੍ਰਕਾਸ਼ ਚੌਟਾਲਾ ਨੇ 1980 ਤੋਂ 2005 ਤੱਕ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ। ਉਸ ਦੇ ਪਰਿਵਾਰ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਨੀਵਾਰ ਦੁਪਹਿਰ ਸਿਰਸਾ ਜ਼ਿਲੇ ਦੇ ਤੇਜਾ ਖੇੜਾ ਵਿਖੇ ਉਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਆਪਣੇ ਪਿੱਛੇ ਪੁੱਤਰ ਅਜੈ ਸਿੰਘ ਚੌਟਾਲਾ ਅਤੇ ਅਭੈ ਸਿੰਘ ਚੌਟਾਲਾ ਅਤੇ ਤਿੰਨ ਧੀਆਂ ਛੱਡ ਗਏ ਹਨ। ਸਾਲ 2013 ਵਿੱਚ, ਓਮ ਪ੍ਰਕਾਸ਼ ਚੌਟਾਲਾ ਨੂੰ ਇੱਕ ਭਰਤੀ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦਾ ਵੱਡਾ ਪੁੱਤਰ ਅਜੈ ਚੌਟਾਲਾ ਵੀ ਇਸ ਕੇਸ ਵਿੱਚ ਦੋਸ਼ੀ ਠਹਿਰਾਏ ਗਏ 55 ਲੋਕਾਂ ਵਿੱਚ ਸ਼ਾਮਲ ਸੀ। ਇਸ ਸਜ਼ਾ ਨੇ ਓਮ ਪ੍ਰਕਾਸ਼ ਚੌਟਾਲਾ ਦੇ ਸਿਆਸੀ ਕਰੀਅਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਕਿਉਂਕਿ ਇਸ ਨੇ ਉਨ੍ਹਾਂ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਸੀ ਅਤੇ ਉਹ ਜੁਲਾਈ 2021 ਵਿੱਚ ਜੇਲ੍ਹ ਤੋਂ ਰਿਹਾਅ ਹੋਏ ਸਨ। ਚੌਟਾਲਾ ਪਿਛਲੇ ਕੁਝ ਅਰਸੇ ਤੋਂ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇਅ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਣੇ ਹੋਰਨਾਂ ਆਗੂਆਂ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ਉੱਤੇ ਦੁੱਖ ਜਤਾਇਆ ਹੈ।