ਚੰਡੀਗੜ੍ਹ/ਪੰਜਾਬ ਪੋਸਟ
ਮੌਸਮ ਵਿਭਾਗ ਨੇ ਪੰਜਾਬ ਵਿੱਚ 21, 22 ਤੇ 23 ਮਈ ਨੂੰ ਅੱਤ ਦੀ ਗਰਮੀ ਪੈਣ ਦੀ ਚੇਤਾਵਨੀ ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਏ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਏ ਅਤੇ ਗਰਮ ਹਵਾਵਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਇਸੇ ਕਰਕੇ ਪੰਜਾਬ ’ਚ ਸਕੂਲਾਂ ਅੰਦਰ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰਾਂ, ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਗਰਮ ਹਵਾਵਾਂ ਚੱਲਣ ਸਬੰਧੀ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਭਿਆਨਕ ਗਰਮੀ ਨੇ ਬਿਜਲੀ ਦੀ ਮੰਗ ਨੂੰ ਵੀ ਮਈ ’ਚ ਸਭ ਤੋਂ ਉੱਚੇ ਪੱਧਰ ’ਤੇ ਪਹੁੰਚਾ ਦਿੱਤਾ ਹੈ ਜਦੋਂ ਕਿ ਦਿੱਲੀ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਨਾ ਹੋਣ ਵਾਲੇ ਸਕੂਲਾਂ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦੂਜੇ ਦਿਨ ਸਭ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਵੱਧ ਹੈ। ਪਹਾੜੀ ਖੇਤਰਾਂ ਵਾਲੇ ਹਿਮਾਚਲ ਪ੍ਰਦੇਸ਼ ਵਿੱਚ ਵੀ ਖੂਬ ਗਰਮੀ ਪੈ ਰਹੀ ਹੈ ਜਿੱਥੇ ਉਚੇਰੀ ਸਿੱਖਿਆ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਚੰਬਾ, ਕਿਨਾਓ ਅਤੇ ਲਾਹੌਲ ਅਤੇ ਸਪਿਤੀ ਨੂੰ ਛੱਡ ਕੇ 12 ਵਿੱਚੋਂ 8 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਤੋਂ ਲੈ ਕੇ ਦਿੱਲੀ ਅਤੇ ਹਿਮਾਚਲ ਤੱਕ ਵੀ ਗਰਮੀ ਨੇ ਕੱਢੇ ਵੱਟ

Published: